‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਮਿਲੀ ਰਾਹਤ
ਮਨਪ੍ਰੀਤ ਬਾਦਲ ਦੇ ਕਰੀਬੀ ਵੱਲੋਂ ਪਾਇਆ ਮਾਣਹਾਨੀ ਦਾ ਕੇਸ ਖਾਰਜ
ਚੰਡੀਗੜ੍ਹ 3 ਫਰਵਰੀ(ਵਿਸ਼ਵ ਵਾਰਤਾ ਬਿਊਰੋ) – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਅਦਾਲਤ ਤੋਂ ਰਾਹਤ ਮਿਲੀ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦਾ ਕੇਸ ਅਦਾਲਤ ਨੇ ਖਾਰਜ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ‘ਜੋਜੋ ਟੈਕਸ’ ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਜੈਜੀਤ ਸਿੰਘ ਜੌਹਲ ਨੇ ਉਸ ਸਮੇਂ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਿਆਸੀ ਅਕਸ ਖਰਾਬ ਕਰਨ ਲਈ ਬੇਤੁਕੇ ਬਿਆਨ ਦਿੱਤੇ ਹਨ।