ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਖ਼ਤ
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਸਰਕਾਰ ਤੇ ਚੁੱਕੇ ਸਵਾਲ
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ।ਉਹਨਾਂ ਨੇ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਦੋਸ਼ੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਹਨਾਂ ਮਾਮਲਿਆਂ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਸੀ। ਹੁਣ ਉਹਨਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਨਾ ਤਾਂ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਲਈ ਕੋਈ ਕੰਮ ਨਹੀਂ ਕੀਤਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।
ਦੱਸ ਦਈਏ ਕਿ ਲਗਭਗ ਇੱਕ ਮਹੀਨਾ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਤੈਨਾਤੀ ਨੂੰ ਲੈ ਕੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਇਹ ਦੋਵੇਂ ਅਧਿਕਾਰੀ ਐਸਆਈਟੀ ਦਾ ਹਿੱਸਾ ਸਨ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੁਝ ਨਹੀਂ ਕੀਤਾ ਗਿਆ।