ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਦੀ ਪਤਨੀ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ
ਚੰਡੀਗੜ੍ਹ,25 ਅਗਸਤ (ਵਿਸ਼ਵ ਵਾਰਤਾ)- : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਪਠਾਨਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁਖ਼ ਕੀਤਾ ਹੈ ਅਤੇ ਪਠਾਨਮਾਜਰਾ ਖ਼ਿਲਾਫ ਅੱਜ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦਈਏ ਕਿ ਗੁਰਪ੍ਰੀਤ ਕੌਰ ਨੇ ਪਠਾਨਮਾਜਰਾ ਤੇ ਝੂਠ ਬੋਲ ਕੇ ਦੂਜਾ ਵਿਆਹ ਕਰਵਾਉਣ ਦੇ ਇਲਜ਼ਾਮ ਲਗਾਏ ਸਨ ਅਤੇ ਨਾਲ ਹੀ ਜ਼ੀਰਕਪੁਰ ਦੇ ਥਾਣੇ ਵਿੱਚ ਸ਼ਿਕਾਇਤ ਵੀ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਰਿਪੋਰਟ ਮੰਗੀ ਸੀ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪਠਾਨਮਾਜਰਾ ਦੀ ਇਤਰਾਜ਼ਯੋਗ ਵੀਡੀਓ ਵੀ ਲੀਕ ਹੋਈ ਸੀ।























