ਆਮ ਆਦਮੀ ਪਾਰਟੀ ਵੱਲੋਂ ਜਲਦ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ
ਪੜ੍ਹੋ,ਕਿਸ ਨਾਮ ਤੇ ਬਣੀ ਸਹਿਮਤੀ
ਚੰਡੀਗੜ੍ਹ,4 ਜਨਵਰੀ (ਵਿਸ਼ਵ ਵਾਰਤਾ) – ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਸਭ ਤੋਂ ਅੱਗੇ ਜਾ ਰਹੀ ਹੈ। ਪਾਰਟੀ ਵੱਲੋਂ ਹੁਣ ਤੱਕ 101 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ ਵੱਲੋਂ ਜਲਦ ਹੀ 2022 ਦੀਆਂ ਚੋਣਾਂ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ। ਜਿਕਰਯੋਗ ਹੈ ਕਿ ਪਹਿਲਾਂ ‘ਆਮ ਆਦਮੀ ਪਾਰਟੀ’ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਮਿਲ ਕੇ ਚੋਣ ਲੜਨ ਦੀਆਂ ਚਰਚਾਵਾਂ ਜੋਰਾਂ ਤੇ ਸਨ,ਅਤੇ ਇਹ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਪਰ,ਕਿਸਾਨ ਜੱਥੇਬੰਦੀਆਂ ਨੇ ਰਾਜੇਵਾਲ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ।ਜਿਸ ਤੋਂ ਬਾਅਦ ਚੋਣ ਸਰਵੇਖਣਾਂ ਤੋਂ ਉਤਸ਼ਾਹਿਤ ਹੋ ਕੇ ‘ਆਪ’ ਨੇ ਇੱਕਲਿਆਂ ਹੀ ਚੋਣ ਮੈਦਾਨ ਵਿੱਚ ਉਤਰਨ ਦਾ ਮਨ ਬਣਾ ਲਿਆ ਹੈ। ਖਬਰਾਂ ਅਨੁਸਾਰ ਪਾਰਟੀ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕਰਨ ਜਾ ਰਹੀ ਹੈ। ਭਗਵੰਤ ਮਾਨ ਦੇ ਨਾਮ ਉੱਤੇ ਪਾਰਟੀ ਦੀ ਪੀਏਸੀ ਮੀਟਿੰਗ ਵਿੱਚ ਸਹਿਮਤੀ ਬਣਨ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸਦਾ ਅਧਿਕਾਰਤ ਤੌਰ ਤੇ ਐਲਾਨ ਪਾਰਟੀ ਵੱਲੋਂ ਜਲਦ ਕੀਤਾ ਜਾ ਸਕਦਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਨਾਲ ਇਸ ਐਲਾਨ ਵਿੱਚ ਥੋੜ੍ਹੀ ਦੇਰੀ ਹੋ ਸਕਦੀ ਹੈ।