ਖੇਡ ਡਾਇਰੈਕਟਰ ਅੰਮਿ੍ਤ ਗਿੱਲ ਵੱਲੋਂ ਬੱਚਿਆਂ ਨੂੰ ਖੇਡਾਂ ’ਚ ਭਾਗ ਲੈਣ ਲਈ ਪ੍ਰੇਰਣਾ
ਜਲੰਧਰ 5 ਮਾਰਚ – ਅੱਜ ਇੱਥੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਤੀਜੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮਹਿਮਾਨ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੀ ਹਾਜ਼ਰੀ ਵਿੱਚ ਅਰਦਾਸ ਕਰਨ ਉਪਰੰਤ ਕੀਤਾ। ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਵੀ ਉਨਾਂ ਨਾਲ ਸਨ। ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੀਆਂ ਵੱਖ-ਵੱਖ 14 ਯੂਨੀਵਰਸਿਟੀਆਂ ਨੇ ਐਂਟਰੀਆਂ ਭੇਜੀਆਂ।
ਵੱਖ-ਵੱਖ ਯੂਨੀਵਰਸਿਟੀਆਂ ਤੋਂ ਭਾਗ ਲੈਣ ਆਈਆਂ ਖਿਡਾਰਨਾਂ ਅਤੇ ਸਮਾਗਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅੰਮਿ੍ਰਤ ਕੌਰ ਗਿੱਲ ਨੇ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਕਿਉਂਕਿ ਖੇਡਾਂ ਇਕ ਨਰੋਏ ਸਮਾਜ ਦੀ ਸਿਰਜਣਾ ਕਰਦੀਆਂ ਹਨ ਜਿਸ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ।
ਇਸ ਮੌਕੇ ਸੰਤ ਬਾਬਾ ਦਿਲਾਵਰ ਸਿੰਘ ਨੇ ਭਾਗ ਲੈ ਰਹੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਹਮੇਸ਼ਾ ਹੀ ਖੇਡਾਂ ਦਾ ਪੱਧਰ ਉਚਾ ਚੁੱਕਣ ਅਤੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਟੂਰਨਾਮੈਂਟ ਲਈ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਵੱਲੋਂ ਤਾਇਨਾਤ ਅਬਜ਼ਰਬਰ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸਮੂਹ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਅੰਦਰ ਚੰਗੇ ਗੁਣ ਪੈਦਾ ਕਰਨ ਵਾਲੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਗੱਤਕਾ ਖੇਡ ਨੂੰ ਪੰਜਾਬ ਸਰਕਾਰ ਵੱਲੋਂ ਮਾਨਤਾ ਮਿਲਣ ਕਰਕੇ ਸਰਟੀਫਿਕੇਟਾਂ ਦੀ ਗ੍ਰੇਡਸ਼ਨ ਹੁੰਦੀ ਹੈ ਜਿਸ ਕਰਕੇ ਵਿਦਿਅਕ ਅਦਾਰਿਆਂ ਵਿੱਚ ਗੱਤਕਾ ਟੀਮਾਂ ਤਿਆਰ ਕੀਤੀਆਂ ਜਾਣ।
ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਨੇ ਬੋਲਦਿਆਂ ਕਿਹਾ ਕਿ ਵਾਈਸ ਚਾਂਸਲਰ ਡਾ. ਜਤਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਬਹੁਤ ਥੋੜੇ ਸਮੇਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ, ਜਿਲਾ ਖੇਡ ਅਫ਼ਸਰ ਜਲੰਧਰ ਬਲਵਿੰਦਰ ਸਿੰਘ, ਗੱਤਕਾ ਕੋਚ ਸੱਚਨਾਮ ਸਿੰਘ ਤੇ ਵਿਜੇਪ੍ਰਤਾਪ ਸਿੰਘ, ਪ੍ਰਭਜੋਤ ਸਿੰਘ ਬਾਬੇਕੇ,ਗੁਰਦਿਆਲ ਸਿੰਘ ਭੁੱਲਾਰਾਏ, ਪ੍ਰੋ. ਅਮਰਜੀਤ ਸਿੰਘ, ਪਰਮਪ੍ਰੀਤ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਅੰਮਿ੍ਰਤ ਕੌਰ ਗਿੱਲ, ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਅਤੇ ਹਰਜੀਤ ਸਿੰਘ ਗਰੇਵਾਲ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਹੋਏ।