ਆਸਾਰਾਮ ਨੂੰ ਲੱਗਿਆ ਵੱਡਾ ਝਟਕਾ
ਸੁਪਰੀਮ ਕੋਰਟ ਨੇ ਜ਼ਮਾਨਤ ਦੀ ਸੁਣਵਾਈ ਕੀਤੀ ਮੁਲਤਵੀ
ਨਵੀਂ ਦਿੱਲੀ,18ਜੂਨ(ਵਿਸ਼ਵ ਵਾਰਤਾ) ਜਿਨਸੀ ਸ਼ੋਸ਼ਣ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਵੱਡਾ ਝਟਕਾ ਲੱਗਿਆ ਹੈ। । ਸੁਪਰੀਮ ਕੋਰਟ ਵਿਚ ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅਗਲੇ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਰਾਜ ਸਰਕਾਰ ਨੇ ਉਸ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਸੁਪਰੀਮ ਕੋਰਟ ਦੇ ਡਿਵੀਜ਼ਨ ਬੈਂਚ ਨੇ ਜੁਲਾਈ ਵਿੱਚ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਆਸਾਰਾਮ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਅੰਤ੍ਰਿਮ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਮੁਕੇਸ਼ ਕੁਮਾਰ ਸ਼ਾਹ ਦੀ ਡਿਵੀਜ਼ਨ ਬੈਂਚ ਕੋਲ ਸੁਣਵਾਈ ਹੋਈ ਸੀ। ਸੁਣਵਾਈ ਸ਼ੁਰੂ ਹੁੰਦੇ ਹੀ ਜੱਜ ਸ਼ਾਹ ਨੇ ਆਸਾਰਾਮ ਦੇ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਤੁਸੀਂ ਪਿਛਲੀ ਸੁਣਵਾਈ ਵਿੱਚ ਪੇਸ਼ ਨਹੀਂ ਹੋਏ। ਤੁਹਾਡੇ ਲਈ ਸੁਪਰੀਮ ਕੋਰਟ ਦੀ ਸੁਣਵਾਈ ਨੂੰ ਛੱਡ ਕੇ ਕੋਲਕਾਤਾ ਹਾਈ ਕੋਰਟ ਵਿਚ ਜਾਣਾ ਮਹੱਤਵਪੂਰਨ ਸੀ, ਸੁਪਰੀਮ ਕੋਰਟ ਅੰਦਰ ਮੌਜੂਦਗੀ ਤੁਹਾਡੇ ਲਈ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ । ਇਸ ਤੋਂ ਬਾਅਦ ਲੂਥਰਾ ਨੇ ਕਿਹਾ ਕਿ ਆਸਾਰਾਮ ਦੀ ਸਿਹਤ ਬਹੁਤ ਖਰਾਬ ਹੈ ਅਤੇ ਉਹ ਹਸਪਤਾਲ ਵਿਚ ਦਾਖਲ ਹਨ। ਅਜਿਹੀ ਸਥਿਤੀ ਵਿੱਚ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ।