ਇਤਿਹਾਸਕ ਕਿਸਾਨ ਅੰਦੋਲਨ ਦਾ ਅੱਜ ਹੈ 34 ਵਾਂ ਦਿਨ
ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹਨ ਕਿਸਾਨ
ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕਰ ਰਹੇ ਹਨ ਮੰਗ ਕਿਸਾਨ
ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਾ ਲੈਣ ਦੀ ਜਿੱਦ ਤੇ ਅੜੀ
ਕੜਾਕੇ ਦੀ ਠੰਢ ਦੇ ਬਾਵਜੂਦ ਵੀ ਕਿਸਾਨਾਂ ਵਿੱਚ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਵੱਧਦਾ ਹੀ ਜਾ ਰਿਹਾ ਹੈ ਜੋਸ਼
ਦੇਸ਼ –ਵਿਦੇਸ਼ ਦੇ ਲੋਕ ਵੀ ਕਰ ਰਹੇ ਹਨ ਕਿਸਾਨਾਂ ਦਾ ਸਮਰਥਨ
ਕੱਲ੍ਹ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੀ ਗੱਲਬਾਤ ਦਾ ਕੀ ਨਿਕਲੇਗਾ ਹੱਲ?
![]()
ਨਵੀਂ ਦਿੱਲੀ, 29 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਲਗਾਤਾਰ 34 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹੁਣ ਇਹ ਕਿਸਾਨ ਅੰਦੋਲਨ ਇਕ ਜਨ ਅੰਦੋਲਨ ਬਣ ਚੁੱਕਿਆ ਹੈ। ਇਹ ਅੰਦੋਲਨ ਸ਼ੁਰੂ ਤਾਂ ਪੰਜਾਬ ਤੋਂ ਹੋਇਆ ਪਰ ਹੌਲੀ-ਹੌਲੀ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ। ਇਸ ਵਿੱਚ ਨੌਜਵਾਨ, ਬਜ਼ੁਰਗ, ਔਰਤਾ-ਬੱਚੇ ਤੇ ਤਕਰੀਬਨ ਹਰ ਵਰਗ ਦੇ ਲੋਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਦੇਸ਼ ਵਿੱਚ ਹਰ ਥਾਂ ਤੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਕਿ ਕੇਂਦਰ ਨਵੇਂ ਬਣੇ ਖੇਤੀ ਕਾਨੂੰਨ ਰੱਦ ਕਰੇ। ਦੇਸ਼-ਵਿਦੇਸ਼ਾਂ ਦੇ ਲੋਕ ਵੀ ਇਸ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਵਿਦੇਸ਼ਾਂ ਵਿੱਚ ਭਾਰਤੀ ਅਬੈਂਸੀਆਂ ਅੱਗੇ ਵੀ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਧਰਨੇ-ਮੁਜ਼ਾਹਰੇ ਕੀਤੇ ਜਾ ਰਹੇ ਹਨ।
ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ ਤੇ ਡਟੇ ਕਿਸਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਹਨ। ਪਰ ਕੇਂਦਰ ਸਰਕਾਰ ਅਜੇ ਵੀ ਇਹਨਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਹਮਾਇਤੀ ਦੱਸ ਰਹੀ ਹੈ। ਕਿਸਾਨਾਂ ਜੱਥੇਬੰਦੀਆਂ ਅਤੇ ਕੇਂਦਰ ਵਿਚਕਾਰ ਕਈ ਮੀਟਿੰਗਾਂ ਵੀ ਹੋਈਆਂ ਹਨ, ਪਰ ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ। ਹੁਣ ਦੇਸ਼ ਤੇ ਵਿਦੇਸ਼ ਵਿੱਚ ਚੱਲ ਰਹੇ ਇਸ ਅੰਦੋਲਨ ਕਾਰਨ ਕੇਂਦਰ ਦੀ ਸਰਕਾਰ ਤੇ ਵੀ ਦਬਾਅ ਬਣਦਾ ਦਿਸ ਰਿਹਾ ਹੈ, ਜਿਸ ਕਾਰਨ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦ ਭੇਜਿਆ ਹੈ। ਕਿਸਾਨਾਂ ਵੱਲੋਂ ਇਸ ਸੱਦੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਵਿਚਕਾਰ ਮੀਟਿੰਗ ਕੱਲ੍ਹ ਨੂੰ ਵਿਗਿਆਨ ਭਵਨ ਵਿਖੇ 2ਵਜੇ ਦੇ ਕਰੀਬ ਹੋਵੇਗੀ। ਇਸ ਮੀਟਿੰਗ ਵਿੱਚ ਨਵੇਂ ਬਣੇ ਤਿੰਨੋਂ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਜਾਵੇਗੀ। ਸਭ ਦੀਆਂ ਨਜ਼ਰਾਂ ਇਸ ਕੱਲ੍ਹ ਹੋਣ ਵਾਲੀ ਮੀਟਿੰਗ ਤੇ ਹੈ ਕਿ ,ਕੀ ਸਰਕਾਰ ਆਪਣੀ ਜਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਕਬੂਲਦੀ ਹੈ? ਜਾਂ ਇਹ ਕਸ਼ਮਕਸ਼ ਜਾਰੀ ਰਹੇਗੀ।























