ਇਤਿਹਾਸਕ ਕਿਸਾਨ ਅੰਦੋਲਨ ਦਾ ਇਕ ਵਰ੍ਹਾ ਪੂਰਾ
ਦਿੱਲੀ ਦੀਆਂ ਸਰਹੱਦਾਂ ਤੇ ਹੋਰ ਥਾਵਾਂ ਤੇ ਕੀਤੇ ਜਾਣਗੇ ਮੁਜ਼ਾਹਰੇ
ਅੰਦੋਲਨ ਦੀ ਪਹਿਲੀ ਵਰ੍ਹੇਗੰਢ ਜਿੱਤ ਦੇ ਜਸ਼ਨ ਵਜੋਂ ਵੀ ਮਨਾਉਣਗੇ ਕਿਸਾਨ
ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਇਸ ਇਤਿਹਾਸਕ ਅੰਦੋਲਨ ਨੂੰ ਅੱਜ ਇਕ ਵਰ੍ਹਾ ਪੂਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ੋਰਦਾਰ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਕਿਸਾਨ ਅੱਜ 26 ਨਵੰਬਰ ਨੂੰ ਇਸ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਜਿੱਤ ਦੇ ਜਸ਼ਨ ਵਜੋਂ ਵੀ ਮਨਾਉਣਗੇ। ਇਨ੍ਹਾਂ ਮੋਰਚਿਆਂ ਉਪਰ ਹਜ਼ਾਰਾਂ ਕਿਸਾਨ ਇਕੱਠੇ ਹੋ ਚੁੱਕੇ ਹਨ ਅਤੇ ਉਹ ਆਜ਼ਾਦ ਭਾਰਤ ਵਿੱਚ ਚੱਲੇ ਸਭ ਤੋਂ ਲੰਬੇ ਇਤਿਹਾਸਕ ਕਿਸਾਨ ਅੰਦੋਲਨ ਦੇ ਗਵਾਹ ਬਣਨਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਹੋਰ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਵਿਰੋਧ ਪ੍ਰਦਰਸ਼ਨਾਂ ਤੋਂ ਇਲਾਵਾ ਟਰੈਕਟਰ ਰੈਲੀਆਂ ਵੀ ਕੱਢੀਆਂ ਜਾਣਗੀਆਂ।
ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਤੇ ਦਿੱਲੀ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਜਮਹੂਰੀ ਪ੍ਰਦਰਸ਼ਨਾਂ ਤੇ ਕੋਈ ਇਤਰਾਜ਼ ਨਹੀਂ ਹੈ ਪਰ ਕਿਸੇ ਵੀ ਹਾਲਤ ‘ਚ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਜਦਾ ਕੀਤਾ ਜਾਵੇਗਾ। ਇਸ ਮੌਕੇ ਤੇ ਹਰ ਵਰਗ , ਸਮਾਜ ਸੇਵੀ ਸੰਸਥਾਵਾਂ, ਹੋਰ ਕਿੱਤਿਆਂ ਨਾਲ ਜੁੜੇ ਲੋਕਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਜਿਹਨਾਂ ਤੇ ਕਿਸਾਨ ਅੰਦੋਲਨ ਵਿੱਚ ਅਹਿਮ ਯੋਗਦਾਨ ਦਿੱਤਾ ਹੈ।