ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰ
ਮੁੱਖ ਮੰਤਰੀ ਨੇ ਕਿਸਾਨਾਂ ਦਾ ਸੱਚਾ ਹਮਦਰਦ ਹੋਣ ਦਾ ਦਿੱਤਾ ਹੈ ਸਬੂਤ-ਰਾਜਕੁਮਾਰ ਵੇਰਕਾ

ਚੰਡੀਗੜ੍ਹ,27ਜੁਲਾਈ(ਵਿਸ਼ਵ ਵਾਰਤਾ): ਪੰਜਾਬ ਸਰਕਾਰ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਜਾ ਰਹੀ ਹੈ। ਇਸ ਦੇ ਲਈ ਦਰਜਾ 3 ਤੇ 4 ਤਹਿਤ ਨੌਕਰੀ ਦੇਣ ਦੀ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ, ਕੁਝ ਦਿਨਾਂ ਤੱਕ ਨਿਯੁਕਤੀ ਪੱਤਰ ਵੀ ਵੰਡੇ ਜਾਣਗੇ।

ਇਹ ਗੱਲ ਦਾ ਖੁਲਾਸਾ ਕਾਂਗਰਸ ਬੁਲਾਰੇ ਰਾਜਕੁਮਾਰ ਵੇਰਕਾ ਨੇ ਕੀਤਾ,ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਦਿੱਲੀ ਅਤੇ ਹਰਿਆਣਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਇੱਕ ਸੂਚੀ ਤਿਆਰ ਕੀਤੀ ਜਾ ਰਹੀ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਨੂੰ ਲੱਭਣ ਅਤੇ ਨੌਕਰੀ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ।

ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਸੱਚੇ ਹਮਦਰਦ ਹੋਣ ਦਾ ਸਬੂਤ ਦਿੱਤਾ ਹੈ। ਪਿਛਲੇ ਸਮੇਂ ਵਿੱਚ ਵੀ ਕਈ ਵਾਰ ਮੁੱਖ ਮੰਤਰੀ ਅਜਿਹੀ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।

ਸਾਡੇ ਕਿਸਾਨਾਂ ਦੀ ਮੌਤ ਹਰਿਆਣਾ ਅਤੇ ਦਿੱਲੀ ਦੀ ਧਰਤੀ ਤੇ ਹੋਈ, ਪਰ ‘ਆਪ’ ਅਤੇ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ। ਦੂਜੇ ਪਾਸੇ ਹੁਣ ਮੁੱਖ ਮੰਤਰੀ ਨੇ ਇਹ ਕੰਮ ਕੀਤਾ ਹੈ।

ਵਰਨਣਯੋਗ ਹੈ ਕਿ ਪਿਛਲੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਨਾਲ ਲੱਗਦੀ ਟਿਕਰੀ, ਸਿੰਘੂ ਅਤੇ ਗਾਜੀਪੁਰ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਰਮਿਆਨ ਕਈ ਦੌਰਾਂ ਦੀਆਂ ਗੱਲਬਾਤ ਬੇਸਿੱਟਾ ਰਹੀਆਂ।ਪੰਜਾਬ ਸਰਕਾਰ ਦੇ ਅੰਕੜਿਆਂ ਅਨੁਸਾਰ ਰਾਜ ਦੇ 200 ਤੋਂ ਵੱਧ ਕਿਸਾਨ ਇਸ ਅੰਦੋਲਨ ਵਿੱਚ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਦੱਸ ਦੇਈਏ ਕਿ ਸਰਕਾਰ ਵਲੋਂ ਪਹਿਲਾਂ ਵੀ ਅਜਿਹੇ ਪਰਿਵਾਰਾਂ 5 ਲੱਖ ਰੁਪਏ ਦੀ ਮਦਦ ਦਿੱਤੀ ਗਈ ਸੀ।























