ਇਤਿਹਾਸਕ ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ
ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਲਈ ਤੁਰੰਤ ਦਖ਼ਲ ਦੇਣ ਦੀ ਕੀਤੀ ਅਪੀਲ
26 ਮਈ ਨੂੰ 6 ਮਹੀਨੇ ਪੂਰੇ ਹੋ ਜਾਣਗੇ ਇਤਿਹਾਸਕ ਕਿਸਾਨ ਅੰਦੋਲਨ ਦੇ
ਹੁਣ ਤੱਕ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਮੀਟਿੰਗਾਂ ਰਹੀਆਂ ਹਨ ਬੇਸਿੱਟਾ
ਚੰਡੀਗੜ੍ਹ, 21 ਮਈ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੂੰ 26 ਮਈ ਨੂੰ 6ਮਹੀਨੇ ਪੂਰੇ ਹੋ ਜਾਣਗੇ। ਜਿਸ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਲਈ ਤਰੁੰਤ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜਿੰਨੀ ਵਾਰ ਵੀ ਸਰਕਾਰ ਵੱਲੋਂ ਮੀਟਿੰਗ ਲਈ ਬੁਲਾਇਆ ਗਿਆ ਹੈ ਉਹਨਾਂ ਨੇ ਸਕਾਰਾਤਮਕ ਭਾਵ ਨਾਲ ਮੀਟਿੰਗ ਵਿੱਚ ਹਿੱਸਾ ਲਿਆ ਹੈ,ਹੁਣ ਤੱਕ ਹੋ ਚੁੱਕੀਆਂ 11ਦੀਆਂ 11 ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਚਿੱਠੀ ਵਿੱਚ ਕਿਸਾਨ ਅੰਦੋਲਨ ਦੌਰਾਨ ਹੋ ਚੁੱਕੀਆਂ 470 ਕਿਸਾਨਾਂ ਦੀਆਂ ਮੌਤਾਂ ਦਾ ਵੀ ਜ਼ਿਕਰ ਹੈ ਤੇ ਇਸ ਵਿਚਕਾਰ ਚੱਲ ਰਹੀ ਕੋਰੋਨਾ ਮਹਾਂਮਾਰੀ ਦੀ ਵੀ ਗੱਲ ਕੀਤੀ ਗਈ ਹੈ।
ਹੁਣ ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਰਾਹੀਂ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕਰਕੇ ਤਰੁੰਤ ਕੋਈ ਸੁਚੱਜਾ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਦੱਸ ਦੱਇਏ ਕਿ ਇਹ ਇਤਿਹਾਸਕ ਕਿਸਾਨ ਅੰਦੋਲਨ ਪਿਛਲੇ ਸਾਲ ਨਵੰਬਰ ਮਹੀਨੇ ਦੇ ਆਖਰੀ ਹਫਤੇ ਤੋਂ ਲਗਾਤਾਰ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਡਟੇ ਹੋਏ ਹਨ।