ਇਸ ਤਰੀਕ ਤੋਂ ਸ਼ੁਰੂ ਹੋ ਸਕਦਾ ਹੈ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
ਚੰਡੀਗੜ੍ਹ 17 ਫਰਵਰੀ(ਵਿਸ਼ਵ ਵਾਰਤਾ ਬਿਓਰੋ) – ਮੁੱਖ ਮੰਤਰੀ ਭਗਵੰਤ ਮਾਨ ਨੇ 21 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਬੈਠਕ ਸੱਦੀ ਹੈ। ਇਸ ਮੀਟਿੰਗ ਵਿੱਚ ਹੋਰਨਾਂ ਫੈਸਲਿਆਂ ਤੋਂ ਇਲਾਵਾ ਪੰਜਾਬ ਦੇ ਲੋਕਾਂ ਵੱਲੋਂ ਉਡੀਕੇ ਜਾ ਰਹੇ ਵਿਧਾਨ ਸਭਾ ਦੇ ਬਜਟ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਦਾ ਬਜਟ ਇਜਲਾਸ 2 ਪੜਾਵਾਂ ਦਾ ਹੋ ਸਕਦਾ ਹੈ। ਪਹਿਲਾ ਪੜਾਅ 12 ਦਿਨਾਂ ਦਾ ਹੋ ਸਕਦਾ ਹੈ ਜੋ ਕਿ 3 ਤੋਂ ਸ਼ੁਰੂ ਹੋ ਕੇ 15 ਮਾਰਚ ਤੱਕ ਚੱਲੇਗਾ। ਇਸ ਵਿੱਚ ਹੀ 7 ਤੋਂ 9 ਮਾਰਚ ਤੱਕ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਸਕਦਾ ਹੈ। ਦੂਜਾ ਪੜਾਅ 25 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ। ਹਾਲਾਂਕਿ ਇਸ ਸੰਬੰਧ ਵਿੱਚ ਹੁਣ ਤੱਕ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਕੁੱਲ ਦੂਜਾ ਅਤੇ ਪਹਿਲਾ ਪੂਰਣ ਬਜਟ ਹੋਵੇਗਾ। ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਹਨ ਅਤੇ ਹਰ ਕੋਈ ਇਹ ਦੇਖਣਾ ਚਾਹੁੰਦਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਆਮ ਆਦਮੀਆਂ ਲਈ ਕਿਹੜੀਆਂ ਨਵੀਆਂ ਸਕੀਮਾਂ ਅਤੇ ਰਾਹਤਾਂ ਲੈ ਕੇ ਆਵੇਗੀ।
ਇਸ ਦੇ ਨਾਲ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਦਿੱਤੀ ਗਈ 18 ਸਾਲਾਂ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਦੇਣ ਦੀ ਗਾਰੰਟੀ ਵੀ ਇਸ ਬਜਟ ਵਿੱਚ ਪੂਰੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਵੀ ਲੋਕਾਂ ਨੂੰ ਕਈ ਹੋਰ ਲਾਭ ਮਿਲ ਸਕਦੇ ਹਨ।