
ਕਿਸਾਨਾਂ ਦੇ ਇਕੱਠ ਦੌਰਾਨ ਸੰਬੋਧਨ ਕਰਦੇ ਰਾਮ ਸਿੰਘ ਭੈਣੀ ਬਾਘਾ
ਮਾਨਸਾ 13 ਅਕਤੂਬਰ (ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਉਪਰ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਾਮ ਦੇ ਤਿੰਨ ਵਜੇ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।ਇਹ ਫੈਸਲਾ ਫਿਲਹਾਲ ਇਕੱਲੀ ਜਥੇਬੰਦੀ ਦਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਦੂਜੀਆਂ ਧਿਰਾਂ ਵਲੋਂ ਕਿਸਾਨੀ ਸੰਘਰਸ਼ ਸਬੰਧੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਜਾ ਰਹੀ ਮੀਟਿੰਗ ਦੌਰਾਨ ਵਿਚਾਰਕੇ ਹੀ ਕੋਈ ਫੈਸਲਾ ਲਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਹੀ ਅੱਜ ਰੇਲਵੇ ਲਾਈਨਾਂ ਤੋਂ ਧਰਨੇ ਉਠਾ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕਿਸਾਨ ਹਿਤਾਂ ਲਈ ਕਾਫ਼ੀ ਸੋਚ ਵਿਚਾਰ ਕੇ ਹੀ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਬਾਕੀ ਸਾਰੇ ਸੰਘਰਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆਂ ਕਿ ਰਿਲਾਇੰਸ ਦੇ ਪੰਪਾਂ, ਸਾਪਿੰਗ ਮਾਲ, ਥਰਮਲ ਪਲਾਂਟ, ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ,ਟੌਲ ਪਲਾਜਿਆ ਉਪਰ ਧਰਨੇ ਅਤੇ ਘਿਰਾਓ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ ।
ਉਨ੍ਹਾਂ ਕਿਹਾ ਕਿ ਇਹ ਧਰਨੇ ਰੇਲਵੇ ਰਾਹੀਂ ਆਉਂਦੇ ਬਾਰਦਾਨੇ,ਕੋਲੇ,ਡੀਏਪੀ ਅਤੇ ਯੂਰੀਆ ਖਾਦ ਸਮੇਤ ਹੋਰ ਮੁਨੱਖੀ ਲੋੜਾਂ ਦੀ ਪੂਰਤੀ ਲਈ ਆਂਉਦੇ ਸਮਾਨ ਨੂੰ ਮੁੱਖ ਰੱਖਦਿਆਂ ਹੀ ਉਠਾਏ ਜਾ ਰਹੇ ਹਨ।






















