ਇੱਕ ਹੋਰ ਸਾਬਕਾ ਵਿਧਾਇਕ ਵਿਜੀਲੈਂਸ ਦੀ ਰਾਡਾਰ ਤੇ
ਪੜ੍ਹੋ, ਹੁਣ ਕਿਸ ਸਾਬਕਾ ਵਿਧਾਇਕ ਦੇ ਘਰ ਮਾਰਿਆ ਛਾਪਾ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਲਗਾਤਾਰ ਮੁਹਿੰਮ ਜਾਰੀ ਹੈ। ਜਿਸ ਦੇ ਤਹਿਤ ਕਈ ਸਾਬਕਾ ਵਿਧਾਇਕ ਵਿਜੀਲੈਂਸ ਦੀ ਰਾਡਾਰ ਤੇ ਹਨ, ਤੇ ਕਈਆਂ ਦੇ ਖਿਲਾਫ਼ ਕਾਰਵਾਈ ਜਾਰੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਅੱਜ ਤੜਕੇ ਲੁਧਿਆਣਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਗਿਆ। ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਜਾਂਚ ਲਈ ਪਹੁੰਚੀਆਂ ਹਨ। ਇਸ ਦੀ ਪੁਸ਼ਟੀ ਲੁਧਿਆਣਾ ਦੇ ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਜਿਸ ਲਈ ਅੱਜ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਲੁਧਿਆਣਾ ਪਹੁੰਚ ਗਈਆਂ ਹਨ। ਇਕ ਤਕਨੀਕੀ ਟੀਮ ਨੇ ਲੁਧਿਆਣਾ ਦਫਤਰ ਅਤੇ ਘਰ ਤੇ ਛਾਪਾ ਮਾਰਿਆ ਹੈ।
ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਹੁਣ ਤੱਕ ਕਈ ਮੰਤਰੀਆਂ ਤੇ ਵਿਧਾਇਕਾਂ ਦੀ ਜਾਂਚ ਸ਼ੁਰੂ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਘਨੌਰ ਹਲਕੇ ਦੇ ਅੰਮ੍ਰਿਤਸਰ- ਕੋਲਕਾਤਾ ਇੰਟੈਗਰੇਟੇਡ ਕੌਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ਵਿਚ ਹੋਏ ਕਥਿਤ ਘਪਲੇ ਦੀ ਜਾਂਚ ਕਰ ਰਹੀ, ਜਿਸ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਮਦਨ ਲਾਲ ਜਲਾਲਪੁਰ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਪਹਿਲਾਂ ਹੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਰਾਡਾਰ ਤੇ ਹਨ।























