ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ): ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫੀ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਹਨਾਂ ਇਸ ਪ੍ਰਾਪਤੀ ਦਾ ਸਿਹਰਾ ਯੂਨੀਵਰਸਿਟੀ ਦੇ ਖਿਡਾਰੀਆਂ, ਕੋਚਾਂ, ਮਾਪਿਆਂ, ਖੇਡ ਵਿਭਾਗ ਅਤੇ ਯੂਨੀਵਰਸਿਟੀ ਅਥਾਰਟੀ ਸਿਰ ਬੰਨਿਆ ਹੈ ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਪੰਜਾਬੀ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਸੱਤਵੀਂ ਵਾਰ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚੋਂ ਸਭ ਤੋਂ ਵਧੀਆ ਖੇਡਾਂ ਵਿੱਚ ਪ੍ਰਾਪਤੀਆਂ ਖੱਟਣ ਲਈ ਦਿੱਤੀ ਜਾਂਦੀ ਮੌਲਾਨਾ ਅਬੁਲ ਕਲਾਮ ਟਰਾਫੀ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿੱਸੇ ਆਈ ਹੈ। ਅੱਜ ਕੌਮੀ ਖੇਡ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹੋਏ ਖੇਡ ਐਵਾਰਡ ਸਮਾਰੋਹ ਦੌਰਾਨ ਦੇਸ਼ ਦੇ ਰਾਸ਼ਟਰਪਤੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਦਿੱਤੀ ਗਈ ਜਿਹੜੀ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੁੱਲ 43 ਵਾਰ ਇਹ ਟਰਾਫੀ ਜਿੱਤੀ ਹੈ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨੰਬਰ ਆਉਂਦਾ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸੂਬੇ ਵਿੱਚ ਖੇਡਾਂ ਨੂੰ ਹੋਰ ਵੀ ਹੁਲਾਰਾ ਮਿਲੇਗਾ।