ਚੰਡੀਗੜ, 7 ਮਈ – ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਵਰਿਆਂ ਦੇ ਸਨ, ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉੁਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕਿਰਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ ਇਕ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜਿਹਨਾਂ ਨੇ ਭਾਰਤ ਦੇ ਆਧੁਨਿਕ ਅਤੇ ਮੱਧਕਾਲੀਨ ਇਤਿਹਾਸ ਨੂੰ ਸਕੰਲਿਤ ਕਰਨ ਅਤੇ ਪ੍ਰਸਾਰ ਕਰਨ ਵਿੱਚ ਅਥਾਹ ਯੋਗਦਾਨ ਪਾਇਆ। ਉਸ ਦੀ ਇਸ ਮਹਾਨ ਦੇਣ ਨੂੰ ਦੁਨੀਆਂ ਭਰ ਦੇ ਖੋਜਾਰਥੀਆਂ ਅਤੇ ਇਤਿਹਾਸਕਾਰਾਂ ਵੱਲੋਂ ਹਮੇਸ਼ਾ ਚੇਤੇ ਰੱਖਿਆ ਜਾਵੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।