ਐਸ.ਸੀ. ਕਮਿਸ਼ਨ ਵਲੋਂ ਨਾਬਾਲਗ ਲੜਕੀ ਦੀ ਮੌਤ ਦੇ ਮਾਮਲੇ ’ਚ ਜਲਦ ਚਾਲਾਨ ਪੇਸ਼ ਕਰਨ ਦੀ ਹਦਾਇਤ
ਜ਼ਿਲ੍ਹਾ ਪ੍ਰਸ਼ਾਸਨ ਨੂੰ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਿਰਦੇਸ਼
ਹੁਸ਼ਿਆਰਪੁਰ,2 ਅਪ੍ਰੈਲ ( ਵਿਸ਼ਵ ਵਾਰਤਾ ) ਥਾਣਾ ਬੁਲੋਵਾਲ ਦੇ ਇਕ ਪਿੰਡ ਵਿੱਚ ਨਾਬਾਲਗ ਲੜਕੀ ਵਲੋਂ ਆਪਣੇ ਨਾਲ ਹੋਏ ਗੈਂਗਰੇਪ ਤੋਂ ਬਾਅਦ ਜਹਿਰੀਲਾ ਪਦਾਰਥ ਖਾਣ ਉਪਰੰਤ ਉਸ ਦੀ ਹੋਈ ਮੌਤ ਦੇ ਮਾਮਲੇ ਵਿੱਚ ਮੌਜੂਦਾ ਸਥਿਤੀ ਜਾਨਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਦੋ ਮੈਂਬਰੀ ਟੀਮ ਵਲੋਂ ਅੱਜ ਹੁਸ਼ਿਆਰਪੁਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੁਲਿਸ ਨੂੰ ਮਾਮਲੇ ਵਿੱਚ ਜਲਦ ਤੋਂ ਜਲਦ ਚਾਲਾਨ ਪੇਸ਼ ਕਰਨ ਦੀ ਹਦਾਇਤ ਕੀਤੀ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭ ਦਿਆਲ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ। ਮੈਂਬਰਾਂ ਨੇ ਹੁਸ਼ਿਆਰਪੁਰ ਵਿਖੇ ਮੀਟਿੰਗ ਉਪਰੰਤ ਪਿੰਡ ਜਾ ਕੇ ਪੀੜਤ ਪਰਿਵਾਰ ਤੋਂ ਵੀ ਘਟਨਾ ਸਬੰਧੀ ਜਾਣਕਾਰੀ ਲਈ। ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਦੱਸਿਆ ਕਿ ਕਮਿਸ਼ਨ ਵਲੋਂ ਪੁਲਿਸ ਅਧਿਕਾਰੀਆਂ ਨੂੰ 15 ਦਿਨਾਂ ਅੰਦਰ ਚਾਲਾਨ ਅਦਾਲਤ ਵਿੱਚ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਦਿਵਾਈ ਜਾ ਸਕੇ। ਇਸ ਮੌਕੇ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਅਤੇ ਡੀ.ਐਸ.ਪੀ. (ਔਰਤਾਂ ਅਤੇ ਬੱਚਿਆ ਖਿਲਾਫ਼ ਜ਼ੁਰਮ) ਮਾਧਵੀ ਸ਼ਰਮਾ ਆਲ ਇੰਡੀਆ ਆਦਿ ਧਰਮ ਮਿਸ਼ਨ ( ਰਜਿ ) ਭਾਰਤ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ , ਸ੍ਰੀ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਆਦਿ ਵੀ ਮੌਜੂਦ ਸਨ।