ਐੱਸਵਾਈਐੱਲ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਰਿਆਣਾ ਨਿਵਾਸ, ਗਾਰਡ ਆੱਫ ਆਨਰ ਨਾਲ ਕੀਤਾ ਗਿਆ ਸਵਾਗਤ
ਚੰਡੀਗੜ੍ਹ 14 ਅਕਤੂਬਰ(ਵਿਸ਼ਵ ਵਾਰਤਾ)- ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਥੋੜ੍ਹੀ ਦੇਰ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਨਿਵਾਸ ਪਹੁੰਚੇ ਹਨ।ਜਿੱਥੇ ਉਹਨਾਂ ਨੂੰ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਗਿਆ । ਸੱਤਾ ਧਾਰੀ ਆਮ ਆਦਮੀ ਪਾਰਟੀ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਕਹਿ ਰਹੀਆਂ ਹਨ ਕਿ ਪੰਜਾਬ ਕੋਲ ਹਰਿਆਣਾ ਲਈ ਪਾਣੀ ਨਹੀਂ ਹੈ, ਜਦਕਿ ਹਰਿਆਣਾ ਸਰਕਾਰ ਪਾਣੀ ‘ਤੇ ਹਰਿਆਣਾ ਦਾ ਹੱਕ ਅਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਵੀ ਅੱਗੇ ਵਧਾ ਰਹੀ ਹੈ। ਦੋਵਾਂ ਸਰਕਾਰਾਂ ਨੇ ਇਸ ਮੀਟਿੰਗ ਦੇ ਨਤੀਜਿਆਂ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰਨੀ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਇਸ ਮੁੱਦੇ ਨਾਲ ਜੁੜੇ ਗੁੰਝਲਦਾਰ ਤੱਥਾਂ ਦਾ ਸਾਲਾਂ ਤੋਂ ਅਧਿਐਨ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੱਲ ਕੀਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਮੀਟਿੰਗ ਵਿੱਚ ਸਪੱਸ਼ਟ ਕਰਨ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਹੈ ਕਿ ਹਰਿਆਣਾ ਨੂੰ ਪਾਣੀ ਸ਼ਾਰਦਾ ਨਹਿਰ ਵਿੱਚੋਂ ਦਿੱਤਾ ਜਾਵੇ। ਇਸ ਦੇ ਨਾਲ ਹੀ ਬੀਤੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਸੀ ਕਿ ਇਸ ਮੀਟਿੰਗ ਵਿੱਚ ਪਾਣੀ ਦੀ ਚਰਚਾ ਨਹੀਂ ਹੋਵੇਗੀ ਫਿਲਹਾਲ ਸਿਰਫ ਨਹਿਰ ਦੀ ਉਸਾਰੀ ਤੇ ਚਰਚਾ ਹੋਵੇਗੀ। ਜਿਸ ਤੋਂ ਬਾਅਦ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸਵਾਲ ਚੁੱਕਦੇ ਹੋਏ ਟਵੀਟ ਕੀਤਾ ਹੈ ਕਿ ਕੀ ਪੰਜਾਬ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ?
ਇਸ ਦੇ ਨਾਲ ਹੀ ਦੱਸ ਦਈਏ ਕਿ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਆਲ ਪਾਰਟੀ ਮੀਟਿੰਗ ਦੀ ਮੰਗ ਕੀਤੀ ਗਈ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੋਈ ਮੀਟਿੰਗ ਨਹੀਂ ਸੱਦੀ ਗਈ ਹੈ।