ਕਣਕ ਦੀ ਆਮਦ ਦੇ ਮੱਦੇਨਜ਼ਰ ਮੰਡੀਆਂ ਵਿਚ ਪ੍ਰਬੰਧ ਜ਼ੋਰਾਂ ’ਤੇ
3,90 ਲੱਖ ਮੀਟਰਕ ਟਨ ਕਣਕ ਦੀ ਖ੍ਰੀਦ ਦੀ ਸੰਭਾਵਨਾ
ਕਪੂਰਥਲਾ, 28 ਮਾਰਚ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਕਣਕ ਦੀ ਸੁਚਾਰੂ ਤਰੀਕੇ ਨਾਲ ਖ੍ਰੀਦ ਲਈ ਮੰਡੀਆਂ ਵਿਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਵਿਚ ਕਣਕ ਦੀ ਸੰਭਾਵੀ ਆਮਦ ਅਗਲੇ ਇਕ ਹਫਤੇ ਤੱਕ ਹੋਣ ਦੀ ਉਮੀਦ ਹੈ, ਜਿਸ ਲਈ ਜਿਲ੍ਹੇ ਵਿਚ 42 ਸਥਾਈ ਤੇ 20 ਅਸਥਾਈ ਮੰਡੀਆਂ ਸਥਾਪਿਤ ਕੀਤੀਆਾਂ ਗਈਆ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜਿਲ੍ਹੇ ਵਿਚ ਕਣਕ ਦੀ ਸਰਕਾਰੀ ਖ੍ਰੀਦ 3,91,925 ਮੀਟਰਿਕ ਟਨ ਸੀ ਅਤੇ ਇਸ ਵਾਰ ਵੀ ਕਣਕ ਦੀ ਇੰਨੀ ਹੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈਡ, ਕੇਂਦਰੀ ਖੁਰਾਕ ਨਿਗਮ, ਪਨਗਰੇਨ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਦੀ ਸਾਫ ਸਫਾਈ, ਪੀਣ ਵਾਲੇ ਪਾਣੀ, ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੁਚਾਰੂ ਖ੍ਰੀਦ ਲਈ ਚਾਰਾਂ ਸਬ ਡਿਵੀਜ਼ਨਾਂ ਦੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿੱਜੀ ਤੌਰ ’ਤੇ ਸਮੁੱਚੇ ਖ੍ਰੀਦ ਪ੍ਰਬੰਧਾਂ ਦੇ ਨਿਗਰਾਨ ਹੋਣਗੇ। ਇਸ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਲਈ ਨੋਡਲ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਬਦਲੇ ਨਿਰਧਾਰਿਤ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ।