ਨਵਾਂਸ਼ਹਿਰ, 12 ਅਪ੍ਰੈਲ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਿੰਮੇਵਾਰ ਹੋਣਗੇ। ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ’ਤੇ ਜਿਮੀਂਦਾਰ ਕਣਕ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟਿਆਂ ਅਤੇ ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਆਮ ਜਨਤਾ ਦੀ ਸਿਹਤ ’ਤੇ ਬੋਰਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ। ਇਹ ਹੁਕਮ 11 ਜੂਨ 2021 ਤੱਕ ਲਾਗੂ ਰਹਿਣਗੇ।






















