ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਯੂਨੀਵਰਸਿਟੀ ਪੁੱਜਣ ’ਤੇ ਉਨ੍ਹਾਂ ਦਾ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਸੀਨੀਅਰ ਅਧਿਕਾਰੀਆਂ, ਡੀਨਜ਼ ਅਤੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਯੂਨੀਵਰਸਿਟੀ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਬਾਖੂਬੀ ਕੰਮ ਕਰ ਰਹੀ ਹੈ ਤੇ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ। ਇਸੇ ਮੌਕੇ ‘ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ’ (ਪੂਟਾ) ਦੇ ਪ੍ਰਧਾਨ ਪ੍ਰੋ. ਭੁਪਿੰਦਰ ਵਿਰਕ ਅਤੇ ‘ਗ਼ੈਰ-ਅਧਿਆਪਨ ਕਰਮਚਾਰੀ ਸੰਘ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਵੱਖ-ਵੱਖ ਸੰਗਠਨਾਂ ਵੱਲੋਂ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।