
14 ਵਾਹਨ ਜ਼ਬਤ ਕੀਤੇ
ਨਵਾਂਸ਼ਹਿਰ, 11 ਅਪਰੈਲ( ਵਿਸ਼ਵ ਵਾਰਤਾ)- ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ’ਚ ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲਾਏ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹੁਣ ਤੱਕ 66 ਪਰਚੇ ਦਰਜ ਕੀਤੇ ਗਏ ਹਨ।
ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ ਅਨੁਸਾਰ ਇਹ ਪਰਚੇ ਭਾਰਤੀ ਦੰਡ ਵਿਧਾਨ ਦੀ ਧਾਰਾ 188 ਅਧੀਨ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਲੰਘਣਾ ਕਰਨ ਵਾਲੇ 84 ਵਿਅਕਤੀਆਂ ਦੀ ਗਿ੍ਫਤਾਰੀ ਪਾਈ ਗਈ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਚਿਆਂ ’ਚ ਸ਼ਾਮਿਲ 14 ਵਾਹਨਾਂ ਨੂੰ ਸਬੰਧਤ ਥਾਣਿਆਂ ਵੱਲੋਂ ਜ਼ਬਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਤਾੜਨਾ ਕਰਦੇ ਕਿਹਾ ਕਿ ਸਰਕਾਰ ਵੱਲੋਂ ਇਹ ਪਾਬੰਦੀਆਂ ਕੋਵਿਡ-19 ਤੋਂ ਜ਼ਿੰਦਗੀਆਂ ਬਚਾਉਣ ਲਈ ਲਾਇਆ ਗਿਆ ਹੈ, ਇਸ ਲਈ ਇਸ ਦੀ ਬਿਲਕੁਲ ਵੀ ਉਲੰਘਣਾ ਨਾ ਕੀਤੀ ਜਾਵੇ।





















