ਫੋਟੋ ਕੈਪਸ਼ਨ- ਪ੍ਰਨੀਤ ਕੌਰ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।
**ਮੋਦੀ-ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਨੂੰ ਪਿਛਲੇ ਪੰਜ ਸਾਲਾਂ ‘ਚ ਪ੍ਰਾਈਵੇਟ ਲਿਮਟਿਡ ਕੰਪਨੀ ਦੀ ਤਰ੍ਹਾਂ ਚਲਾਇਆ:-ਪਰਨੀਤ ਕੌਰ
***ਦੇਸ਼ ਦੇ ਬਿਹਤਰ ਭਵਿੱਖ ਲਈ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ
ਪਟਿਆਲਾ, 28 ਅਪ੍ਰੈਲ ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਹੈ ਕਿ ਇਨ੍ਹਾਂ ਚੋਣਾਂ ‘ਚ ਕਾਂਗਰਸ ਪਾਰਟੀ ਸਪੱਸ਼ਟ ਤੌਰ ‘ਤੇ ਜਿੱਤ ਹਾਸਲ ਕਰੇਗੀੇ। ਅੱਜ ਆਪਣੇ ਚੋਣ ਪ੍ਰਚਾਰ ‘ਚ ਤੇਜੀ ਲਿਆਉਂਦਿਆਂ ਪਰਨੀਤ ਕੌਰ ਨੇ ਇੱਥੇ ਆਪਣੀ ਰਿਹਾਇਸ਼ ‘ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।
ਪਰਨੀਤ ਕੌਰ ਨੇ ਕਿਹਾ ਕਿ ਦੇਸ਼ ‘ਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਉਂਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਐਨ.ਡੀ.ਏ. ਸਰਕਾਰ ਨੂੰ ਚੱਲਦਾ ਕਰਨ ਲਈ ਦੇਸ਼ ਵਾਸੀ ਹੁਣ ਮਨ ਬਣਾ ਚੁੱਕੇ ਹਨ, ਇਸ ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਿਹਤਰ ਪ੍ਰਦਰਸ਼ਨ ਕਰੇਗੀ ਅਤੇ ਰਾਜ ‘ਚ 13 ਦੀਆਂ 13 ਸੀਟਾਂ ‘ਤੇ ਜਿੱਤ ਪ੍ਰਾਪਤ ਕਰਕੇ ਸ੍ਰੀ ਰਾਹੁਲ ਗਾਂਧੀ ਦੀ ਝੋਲੀ ਪਾਵੇਗੀ।
ਪਰਨੀਤ ਕੌਰ ਨੇ ਕਿਹਾ ਕਿ ਜਿਵੇਂ ਪਿਛਲੇ 5 ਸਾਲ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਦੇਸ਼ ਨੂੰ ਪ੍ਰਾਈਵੇਟ ਲਿਮਟਿਡ ਕੰਪਨੀ ਬਣਾਇਆ ਇਸੇ ਤਰ੍ਹਾਂ ਪੰਜਾਬ ‘ਚ ਵੀ ਪਿਛਲੇ 10 ਸਾਲ ਅਕਾਲੀ-ਭਾਜਪਾ ਗਠਜੋੜ ਦੇ ਸ਼ਾਸਨ ਦੌਰਾਨ ਸਿਰਫ਼ ਲੁੱਟ ਹੀ ਹੋਈ। ਇਸ ਦੌਰਾਨ ਪੰਜਾਬ ਸਿਰ 1.50 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾਇਆ ਤੇ ਪੰਜਾਬ ਨੂੰ ਬਹੁਤ ਪਿੱਛੇ ਧੱਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਬਿਹਤਰ ਨੀਤੀਆਂ ਬਣਾਈਆਂ ਹਨ, ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਪਰਨੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਬਿਹਤਰ ਭਵਿੱਖ ਲਈ ਕਾਂਗਰਸ ਪਾਰਟੀ ਨੂੰ ਆਪਣੀ ਵੋਟ ਦੇਣ ਤਾਂ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਇੱਕ ਚੰਗੀ ਸਰਕਾਰ ਦਾ ਗਠਨ ਹੋ ਸਕੇ।