‘ਆਪ’ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ
ਲੁਧਿਆਣਾ, 10 ਮਈ (ਵਿਸ਼ਵ ਵਾਰਤਾ)-: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਫਿਰਕੂ ਅਤੇ ਫੁੱਟ ਪਾਊ ਮੁੱਦਿਆਂ ‘ਤੇ ਚੋਣਾਂ ਲੜ ਰਹੀ ਭਾਰਤੀ ਜਨਤਾ ਪਾਰਟੀ ਦੇ ਉਲਟ ਕਾਂਗਰਸ ਵਧਦੀਆਂ ਕੀਮਤਾਂ ਤੇ ਵਧ ਰਹੀ ਬੇਰੁਜ਼ਗਾਰੀ ਵਰਗੇ ਲੋਕਾਂ ਦੇ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ।
ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਤੇ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਦੇਸ਼ ਵਿੱਚ 70 ਕਰੋੜ ਬੇਰੁਜ਼ਗਾਰ ਹਨ, ਜਿਸਦਾ ਮਤਲਬ ਹੈ ਕਿ ਹਰ ਦੂਜਾ ਭਾਰਤ ਵਾਸੀ ਬੇਰੁਜ਼ਗਾਰ ਹੈ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਕਦੇ ਵੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਪੱਧਰ ’ਤੇ ਬੇਰੁਜ਼ਗਾਰੀ ਹੋਣ ਦੇ ਬਾਵਜੂਦ ਭਾਜਪਾ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਅਸਾਮੀਆਂ ਦੀ ਭਰਤੀ ਨੂੰ ਪੈਂਡਿੰਗ ਰੱਖਿਆ ਹੋਇਆ ਹੈ।
ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਲਈ ‘ਪਹਿਲੀ ਨੌਕਰੀ ਪੱਕੀ’ ਦਾ ਵਾਅਦਾ ਕੀਤਾ ਹੈ, ਜਿਸ ਤਹਿਤ ਉਨ੍ਹਾਂ ਨੂੰ 1 ਲੱਖ ਰੁਪਏ ਦੀ ਨਿਸ਼ਚਿਤ ਆਮਦਨ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, 4 ਜੂਨ ਨੂੰ ਚੋਣ ਨਤੀਜਿਆਂ ਦੇ ਨਾਲ ਇੰਡੀਆ ਗਠਜੋੜ ਦੇ ਸੱਤਾ ਵਿੱਚ ਆਉਣ ਤੋਂ ਬਾਅਦ 30 ਲੱਖ ਸਰਕਾਰੀ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇੰਡੀਆ ਗਠਜੋੜ ਚੋਣਾਂ ਜਿੱਤਣ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਵਰਕਰ ਵੀ ਉਨ੍ਹਾਂ ਦੀ ਪਾਰਟੀ ਦੀ ਹਾਰ ਨੂੰ ਨਿੱਜੀ ਤੌਰ ’ਤੇ ਸਵੀਕਾਰ ਕਰ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਵਾਂਗ ਇਹ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੋਦੀ ਨੇ ਹਰ ਭਾਰਤੀ ਦੇ ਬੈਂਕ ਖਾਤੇ ‘ਚ 15 ਲੱਖ ਰੁਪਏ ਜਮ੍ਹਾ ਕਰਵਾਉਣ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਸੇ ਤਰ੍ਹਾਂ ‘ਆਪ’ ਨੇ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਅਤੇ ਨਸ਼ੇ ਦੀ ਸਮੱਸਿਆ ਨੂੰ ਕੁਝ ਦਿਨਾਂ ‘ਚ ਖਤਮ ਕਰਨ ਦਾ ਵਾਅਦਾ ਕੀਤਾ ਸੀ। ਪਰ ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਇੱਕੋ ਸਿੱਕੇ ਦੇ ਦੋ ਪਹਿਲੂ ਹਨ।