ਚੰਡੀਗੜ, 16 ਸਤੰਬਰ: ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਾਂਗਰਸ ਸਰਕਾਰ ਸਾਰੇ ਮੋਰਚਿਆਂ ਉੱਤੇ ਫੇਲ• ਸਾਬਿਤ ਹੋਈ ਹੈ। ਇਹ ਚਾਹੇ ਸਿਆਸੀ ਮੋਰਚਾ ਹੋਵੇ, ਆਰਥਿਕ ਹੋਵੇ ਜਾਂ ਧਾਰਮਿਕ, ਇਸ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਨੂੰ ਹੀ ਝੂਠਾ ਸਾਬਿਤ ਨਹੀਂ ਕੀਤਾ, ਸਗੋਂ ਉਹਨਾਂ ਦੇ ਭਰੋਸੇ ਨੂੰ ਵੀ ਤੋੜਿਆ ਹੈ।
ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਕਾਡਰ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨ ਲਈ ਪਹੁੰਚੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਰਫ ਕਿਸਾਨਾਂ ਨਾਲ ਹੀ ਧੋਖਾ ਨਹੀਂ ਕੀਤਾ, ਇਸ ਨੇ ਨੌਜਵਾਨਾਂ ਨੂੰ ਵੀ ਠੱਗਿਆ ਹੈ ਅਤੇ ਇੱਥੋਂ ਤਕ ਕਿ ਪੰਜਾਬੀਆਂ ਦੇ ਧਾਰਮਿਕ ਜਜ਼ਬਾਤਾਂ ਦੀ ਵੀ ਰੱਤੀ ਪਰਵਾਹ ਨਹੀ ਕੀਤੀ ਹੈ। ਉਹਨਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਕਾਂਗਰਸ ਸਰਕਾਰ ਨੇ ਸੂਬੇ ਦੀ ਇੰਡਸਟਰੀ ਨਾਲ ਵੀ ਕੋਝਾ ਮਜ਼ਾਕ ਕੀਤਾ ਹੈ। ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ ਕਰਕੇ ਹੁਣ ਉਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ।
ਕਾਂਗਰਸ ਦੇ 6 ਮਹੀਨਿਆਂ ਦੇ ਕਾਰਜਕਾਲ ਨੂੰ ਸਟੇਟ ਕੈਬਨਿਟ ਜਾਂ ਵਿਧਾਨ ਸਭਾ ਵੱਲੋਂ ਕੀਤੇ ਖੋਖਲੇ ਐਲਾਨਾਂ ਦਾ ਪੀਰੀਅਡ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਵਾਸਤੇ ਕੁੱਝ ਵੀ ਪਵਿੱਤਰ ਨਹੀਂ ਹੈ। ਇਸ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਸੀ ਕਿ ਕਿਸਾਨ ਕਰਜ਼ਿਆਂ ਨੂੰ ਮੁਆਫ ਕੀਤਾ ਜਾ ਚੁੱਕਿਆ ਹੈ। ਪਰ ਕਿਸਾਨੀ ਸਿਰ ਚੜ•ੇ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਵਿਚੋਂ ਅਜੇ ਤੀਕ ਇੱਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਇਹ ਵੀ ਐਲਾਨ ਕੀਤਾ ਸੀ ਕਿ ਕਿਸਾਨਾਂ ਦੀ ਕੁਰਕੀ ਨਹੀਂ ਹੋਵੇਗੀ, ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਕਾਰ ਨੇ ਅਜੇ ਤਕ ਲੈਂਡ ਰੈਵਨਿਊ ਐਕਟ ਵਿਚ ਲੋੜੀਂਦੀ ਸੋਧ ਨਹੀਂ ਕੀਤੀ ਹੈ। ਇਹ ਸਰਕਾਰ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਸਾਬਿਤ ਹੋਈ ਹੈ, ਜਿਹਨਾਂ ਦੀ ਗਿਣਤੀ ਪਿਛਲੇ 6 ਮਹੀਨਿਆਂ ਵਿਚ 200 ਤੋਂ ਟੱਪ ਚੁੱਕੀ ਹੈ।
ਇਹ ਕਹਿੰਦਿਆਂ ਕਿ ਕਾਂਗਰਸ ਦੀਆਂ ਕਪਟੀ ਚਾਲਾਂ ਦੀ ਕੋਈ ਗਿਣਤੀ ਨਹੀਂ ਹੈ, ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਤਕਨੀਕੀ ਕਾਲਜਾਂ ਦੁਆਰਾ ਕੀਤੀ ਜਾਂਦੀ ਸਾਲਾਨਾ ਭਰਤੀ ਨੂੰ ਵੀ ਆਪਣੀ ਢਾਲ ਬਣਾ ਲਿਆ ਹੈ ਅਤੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਘਰ ਘਰ ਨੌਕਰੀ ਸਕੀਮ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਉਹਨਾਂ ਕਿਹਾ ਕਿ ਸੱਤਾ ਸੰਭਾਲਣ ਮਗਰੋਂ ਇਸ ਸਰਕਾਰ ਨੇ ਅਜੇ ਤੀਕ ਕਿਸੇ ਇੱਕ ਵੀ ਬੇਰੁਜ਼ਗਾਰ ਨੂੰ ਨੌਕਰੀ ਨਹੀਂ ਦਿੱਤੀ ਹੈ। ਇਸ ਨੇ ਤਾਂ ਖਾਲੀ ਪਈਆਂ ਸਰਕਾਰੀ ਅਸਾਮੀਆਂ ਵੀ ਨਹੀਂ ਭਰੀਆਂ ਹਨ ਅਤੇ ਠੇਕੇ ਉੱਤੇ ਭਰਤੀ ਕੀਤੇ ਕਰਮਚਾਰੀਅ ਨੂੰ ਵੀ ਰੈਗੂਲਰ ਕੀਤੇ ਜਾਣਾ ਬਾਕੀ ਹੈ। ਇਸ ਨੇ ਆਪਣੇ ਕੀਤੇ ਵਾਅਦੇ ਤੋਂ ਮੁੱਕਰਦਿਆਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਸਮਾਰਟ ਫੋਨ ਕਦੋਂ ਦਿੱਤੇ ਜਾਣਗੇ, ਇਸ ਦੀ ਇਹ ਗੱਲ ਵੀ ਨਹੀਂ ਛੇੜਦੀ।
ਕਾਂਗਰਸ ਨੂੰ ਇਹ ਪੁੱਛਦਿਆਂ ਕਿ ਉਹ ਦੱਸੇ ਕਿ ਕੀ ਪਿਛਲੇ ਛੇ ਮਹੀਨਿਆਂ ਦੌਰਾਨ ਇੱਕ ਵੀ ਲੋਕ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ, ਸਰਦਾਰ ਬਾਦਲ ਨੇ ਕਿਹਾ ਕਿ ਇਹੀ ਇੱਕੋ ਵਜ•ਾ ਕਾਫੀ ਹੈ ਕਿ ਆ ਰਹੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਪੰਜਾਬੀ ਕਾਂਗਰਸ ਨੂੰ ਸਬਕ ਸਿਖਾ ਦੇਣ। ਉਹਨਾਂ ਕਿਹਾ ਕਿ ਨਵੇਂ ਪ੍ਰਾਜੈਕਟ ਸ਼ੁਰੂ ਕਰਨਾ ਤਾਂ ਦੂਰ ਦੀ ਗੱਲ ਇਸ ਸਰਕਾਰ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੀ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਭੇਜਿਆ ਗਿਆ ਪੈਸਾ ਵਾਪਸ ਮੰਗਵਾ ਲਿਆ ਗਿਆ ਹੈ। ਕਸਬਿਆਂ ਅਤੇ ਸ਼ਹਿਰਾਂ ਅੰਦਰ ਚੱਲ ਰਹੇ ਸੀਵਰੇਜ ਦੇ ਕੰਮ ਨੂੰ ਵੀ ਰੋਕ ਦਿੱਤਾ ਗਿਆ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਭ ਤੋਂ ਵੱਧ ਨੁਕਸਾਨ ਗਰੀਬ ਲੋਕਾਂ ਦਾ ਕੀਤਾ ਹੈ। ਉਹਨਾਂ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਨੇ ਕਮਾਨ ਸੰਭਾਲੀ ਹੈ, ਲੋਕਾਂ ਨੂੰ ਇੱਕ ਵਾਰ ਵੀ ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵੇਖਣੀ ਨਸੀਬ ਨਹੀਂ ਹੋਈ। ਉਹਨਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਜਿਵੇਂ ਕਿਸਾਨਾਂ ਲਈ ਸਿਹਤ ਬੀਮਾ, ਲੜਕੀਆਂ ਲਈ ਸਾਇਕਲ ਸਕੀਮ ਅਤੇ ਐਸਸੀ ਸਕਾਲਰਸ਼ਿਪ ਸਕੀਮ ਬੰਦ ਕੀਤੀਆਂ ਜਾ ਚੁੱਕੀਆਂ ਹਨ।
ਇਹ ਕਹਿੰਦਿਆ ਕਿ ਇਹ ਸਰਕਾਰ ਧਾਰਮਿਕ ਸੰਸਥਾਵਾਂ ਦੀ ਮੱਦਦ ਕਰਨ ਵਿਚ ਵੀ ਨਾਕਾਮ ਸਾਬਿਤ ਹੋਈ ਹੈ, ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੀ ਲੰਗਰ ਸੇਵਾ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਦੀ ਹਾਲ ਹੀ ਵਿਚ ਹੋਈ ਜੀਐਸਟੀ ਕੌਂਸਲ ਦੀ ਮੀਟਿੰਗ ਵਿਚ ਕੋਸ਼ਿਸ਼ ਤਕ ਨਹੀਂ ਕੀਤੀ। ਇਸ ਤੋ ਇਲਾਵਾ ਮੌਜੂਦਾ ਸਰਕਾਰ ਅਧੀਨ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਚੋਖਾ ਵਾਧਾ ਹੋਇਆ ਹੈ।
ਸਰਕਾਰ ਦੇ ਛੇ ਮਹੀਨੇ ਦੇ ਕਾਰਜਕਾਲ ਨੂੰ ਇੱਕ ਜਬਰਦਸਤ ਨਾਕਾਮੀ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਜੋਗੀ ਵੀ ਨਹੀਂ ਹੈ। ਉਹਨਾਂ ਕਿਹਾ ਕਿ ਛੇ ਮਹੀਨਿਆਂ ਦੇ ਇਸ ਕਾਰਜਕਾਲ ਨੂੰ ਝੂਠੇ ਵਾਅਦਿਆਂ ਅਤੇ ਕੋਰੇ ਝੂਠਾਂ ਰਾਂਹੀ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਅਤੇ ਵਿਸਵਾਸ਼ਘਾਤ ਦਾ ਸਮਾਂ ਕਿਹਾ ਜਾ ਸਕਦਾ ਹੈ।