ਕਿਸਾਨ ਆਗੂਆਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਹਿਮ ਬੈਠਕ ਅੱਜ
ਚੰਡੀਗੜ੍ਹ, 21 ਨਵੰਬਰ( ਵਿਸ਼ਵ ਵਾਰਤਾ) ਪੰਜਾਬ ਵਿੱਚ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਇਸ ਕਾਰਨ ਰਾਜ ਵਿੱਚ ਰੇਲ਼ ਸੇਵਾ ਸ਼ੁਰੂ ਨਹੀਂ ਹੋ ਪਾਈ ਹੈ। ਇਸ ਲਈ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਆਗੂਆਂ ਦੇ ਨਾਲ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ, ਉਹ ਅੱਜ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਨਾਉਣ ਦਾ ਯਤਨ ਕਰਨਗੇ। ਹੁਣ ਤੱਕ ਤਿੰਨ ਮੰਤਰੀਆਂ ਦੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ ਸਾਰੇ ਸੰਗਠਨਾਂ ਨਾਲ ਗੱਲ ਕਰਨਗੇ। ਕਿਸਾਨਾਂ ਨਾਲ ਗੱਲਬਾਤ ਲਈ ਗਠਿਤ ਕੈਬੇਨਿਟ ਕਮੇਟੀ ਦੇ ਮੈਂਬਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਡੇਢ ਵਜੇ ਕਿਸਾਨ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਤਾਂ ਕਿ ਕਿਸਾਨਾਂ ਦੇ ਹਿੱਤਾ ਨੂੰ ਸਮਝਿਆ ਜਾ ਸਕੇ।























