ਪੰਜਾਬ ਭਰ ‘ਚ ਮਨਾਇਆ ਕਿਸਾਨ-ਮਜ਼ਦੂਰ ਏਕਤਾ ਦਿਹਾੜਾ
ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ
ਖੇਤੀ-ਕਾਨੂੰਨ ਅਤੇ ਲੇਬਰ ਕੋਡ ਤੁਰੰਤ ਰੱਦ ਕਰਨ ਦੀ

ਚੰਡੀਗੜ੍ਹ 1 ਮਈ ( ਵਿਸ਼ਵ ਵਾਰਤਾ)-: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨੀ-ਧਰਨਿਆਂ ਦਾ 213ਵਾਂ ਦਿਨ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਵਜੋਂ ਮਨਾਇਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ। ਮਜ਼ਦੂਰ, ਕਿਸਾਨ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਵੱਡੀਆਂ ਗਿਣਤੀਆਂ ‘ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਇੱਕਜੁੱਟਤਾ ਪ੍ਰਗਟ ਕੀਤੀ। ਬੁਲਾਰਿਆਂ ਨੇ ਖੇਤੀ-ਕਾਨੂੰਨ ਅਤੇ ਲੇਬਰ ਕੋਡ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਖੇਤੀ ਸਾਹਿਤਕਾਰ, ਰੰਗਕਰਮੀਆਂ ਅਤੇ ਲੋਕ-ਪੱਖੀ ਸੰਗੀਤ-ਮੰਡਲੀਆਂ ਨੇ ਵੀ ਧਰਨਿਆਂ ‘ਚ ਹਾਜ਼ਰੀ ਭਰਦਿਆਂ ਚੇਤਨਾ ਦਾ ਹੋਕਾ ਦਿੰਦਾ।
ਪੰਜਾਬ ਭਰ ‘ਚ 100 ਤੋਂ ਵੱਧ ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ, ਅਨਾਜ ਮੰਡੀਆਂ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਮਜ਼ਦੂਰ-ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲੀ ਮਈ 1886 ਨੂੰ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਦੀ ਮਜ਼ਦੂਰ ਜਮਾਤ ਵੱਲੋਂ ਅੱਠ ਘੰਟੇ ਦੀ ਕੰਮ ਦੀ ਦਿਹਾੜੀ ਦੀ ਮੰਗ ਨੂੰ ਲੈ ਕੇ ਬੇਮਿਸਾਲ ਹੜਤਾਲ ਕੀਤੀ ਸੀ। ਮਜ਼ਦੂਰਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਰਮਾਏਦਾਰਾਂ ਨੇ ਮਜ਼ਦੂਰਾਂ ਦੇ ਖੂਨ ਦੀ ਹੋਲੀ ਖੇਡੀ, ਜਿਸ ਵਿੱਚ ਸੱਤ ਮਜ਼ਦੂਰ ਸ਼ਹੀਦ ਕੀਤੇ ਗਏ ਅਤੇ ਚਾਰ ਮਜ਼ਦੂਰ ਆਗੂਆਂ ਨੂੰ ਫਾਂਸੀ ਦੇ ਦਿੱਤੀ ਗਈ ਸੀ। ਇਸ ਇਤਿਹਾਸਕ ਦਿਨ ਨੂੰ ‘ਕੌਮਾਂਤਰੀ ਮਜ਼ਦੂਰ ਦਿਵਸ’ ਵਜੋਂ ਮਨਾਇਆ ਜਾਂਦਾ ਹੈ।
ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਲਈ ਮਾਰੂ ਹਨ, ਉਂਨੇ ਹੀ ਇਹ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵੀ ਵਿਰੋਧੀ ਹਨ। ਇਨ੍ਹਾਂ ਨਾਲ ਕਾਰਪੋਰੇਟਸ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ ਜਿਨ੍ਹਾਂ ਵਿੱਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਦਿਹਾੜੀਦਾਰ, ਪੱਲੇਦਾਰ, ਰੇਹੜੀਆਂ ਫੜ੍ਹੀਆਂ ਵਾਲੇ ਅਤੇ ਚਾਹਾਂ ਦੇ ਖੋਖਿਆਂ ਵਾਲਿਆਂ ਹੱਥੋਂ ਰੁਜ਼ਗਾਰ ਖੋਹਿਆ ਜਾਵੇਗਾ। ਆੜ੍ਹਤੀਆਂ ਦੇ ਨਾਲ ਮੁਨੀਮੀ ਕਰਦੇ ਸੈਂਕੜੇ ਨੌਜਵਾਨ ਵਿਹਲੇ ਹੋ ਜਾਣਗੇ। ਮਸ਼ੀਨਾਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਲੈਣਗੀਆਂ। ਵੱਡੇ ਪੱਧਰ ’ਤੇ ਘਰੇਲੂ ਉਦਯੋਗ ਤਬਾਹ ਹੋ ਜਾਣਗੇ। ਖੇਤੀ ਸੁਧਾਰ ਦੇ ਨਾਮ ’ਤੇ ਪਾਸ ਕਾਨੂੰਨ ਅਨਾਜ ਭੰਡਾਰ ਕਰਨ ਦੀ ਖੁੱਲ੍ਹ ਦਿੰਦੇ ਹਨ ਜੋ ਕਿ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ਉੱਪਰ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਕਾਰਪੋਰੇਟਸ ਸਸਤੀਆਂ ਕੀਮਤਾਂ ’ਤੇ ਖਰੀਦੇ ਅਨਾਜ ਨੂੰ ਦੁਗਣੇ-ਚੌਗਣੇ ਰੇਟਾਂ ਉੱਪਰ ਵੇਚਣਗੇ। ਮਜ਼ਦੂਰਾਂ ਲਈ ਇਨ੍ਹਾਂ ਹਾਲਾਤ ਵਿਚ ਖਾਣ ਜੋਗਾ ਅਨਾਜ ਪ੍ਰਾਪਤ ਕਰਨਾ ਵੀ ਬਹੁਤ ਵੱਡੀ ਗੱਲ ਹੋ ਜਾਵੇਗੀ।
ਕਿਸਾਨ-ਮਜ਼ਦੂਰ ਆਗੂਆਂ ਨੇ ਕਿਹਾ ਕਿ ਮੋਦੀ-ਹਕੂਮਤ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀ ਨੀਤੀ ਤੇ ਚਲਦਿਆਂ ਜਿੱਥੇ ਖੇਤੀ ਸੱਭਿਆਚਾਰ ਨੂੰ ਉਜਾੜਨ ਲਈੂ ਤਿੰਨ ਖੇਤੀ ਬਿਲ ਲਿਆਂਦੇ ਹਨ, ਨਾਲ ਦੀ ਨਾਲ ਇਸ ਤੋਂ ਪਹਿਲਾਂ ਜਨਤਕ ਖੇਤਰ ਦੇ ਅਦਾਰਿਆਂ ਬੈਂਕਾਂ, ਬੀਮਾ, ਰੇਲਵੇ, ਜਹਾਜਰਾਨੀ, ਰੇਲਵੇ, ਕੋਇਲਾ ਖਾਣਾਂ, ਬਿਜਲੀ ਬੋਰਡ, ਸੜਕਾਂ, ਸਿਹਤ ਸਿੱਖਿਆ, ਟਰਾਂਸਪੋਰਟ ਆਦਿ ਨੂੰ ਦੇਸੀ-ਬਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰ ਰਹੀ ਹੈ। ਇਹ ਅਦਾਰੇ ਲੋਕਾਂ ਦੀ ਕੀਮਤੀ ਜਾਇਦਾਦ ਅਤੇ ਲੱਖਾਂ ਮਜਦੂਰਾਂ ਵੱਲੋਂ ਸ਼ਹਾਦਤ ਦੇਕੇ ਉਸਾਰੇ ਗਏ ਹਨ। ਇਸੇ ਹੀ ਤਰ੍ਹਾਂ ਪਹਿਲਾਂ ਦੀ ਹਾਸ਼ੀਆ ਗ੍ਰਸਤ ਮਜਦੂਰਾਂ ਦੇ ਕਿਰਤ ਕਾਨੂੰਨਾਂ ਦਾ ਭੋਗ ਪਾਕੇ ਚਾਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਨਾਲ ਕਿਰਤੀਆਂ ਦੀ ਹੋਰ ਵਧੇਰੇ ਰੱਤ ਨਿਚੋੜਨ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ।ਇਸ ਲਈ ਮੋਦੀ ਹਕੂਮਤ ਦੇ ਵੱਡੇ ਹੱਲੇ ਦਾ ਜਵਾਬ ਦੇਣ ਲਈ ਕਿਸਾਨ ਮਜਦੂਰਾਂ ਦੀਆਂ ਲਾਸਾਨੀ ਕੁਰਬਾਨੀਆਂ ਭਰਿਆ ਇਤਿਹਾਸ ਸਾਡਾ ਰਾਹ ਦਰਸਾਂਂਵਾ ਹੈ।






















