ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਹਜ਼ਾਰਾਂ ਹੀ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਸ਼ੰਭੂ ਸਰਹੱਦ ‘ਤੇ ਖੜ੍ਹੇ ਹਨ। ਅੱਜ ਕਿਸਾਨਾਂ ਨੇ ਮਾਰਚ ਕਰਨ ਦਾ ਐਲਾਨ ਕੀਤਾ ਸੀ, ਜਿਸ ਕਾਰਨ ਸ਼ੰਭੂ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਕਿਉਂਕਿ ਹਰਿਆਣਾ ਸਰਕਾਰ ਅਤੇ ਕਿਸਾਨ ਇਸ ਵੇਲੇ ਆਹਮੋ-ਸਾਹਮਣੇ ਹਨ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਉਹਨਾਂ ਤੇ ਅੱਥੂਰ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਇਸ ਸਾਰੇ ਘਟਨਾਕ੍ਰਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਚੌਕਸ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਹੱਦ ‘ਤੇ ਐਸਐਸਐਫ ਦੀਆਂ 5 ਤੋਂ ਵੱਧ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਸਰਹੱਦ ‘ਤੇ ਵੱਡੀ ਗਿਣਤੀ ‘ਚ ਐਂਬੂਲੈਂਸਾਂ ਤਾਇਨਾਤ ਹਨ। ਕਿਸਾਨਾਂ ਦੀ ਸਹੂਲਤ ਲਈ ਉਥੇ ਪਾਣੀ ਦੇ ਟੈਂਕਰਾਂ ਅਤੇ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਰਹੱਦ ਦੇ ਨੇੜੇ ਦੇ ਸਾਰੇ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਡਾਕਟਰਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।