ਕਿਸਾਨ ਅੰਦੋਲਨ 2.0- ਅੱਜ 27 ਵੇਂ ਦਿਨ ਵੀ ਜਾਰੀ
ਪੰਜਾਬ ਅਤੇ ਹਰਿਆਣਾ ‘ਚ ਪਟੜੀਆਂ ਤੇ ਬੈਠੇ ਕਿਸਾਨ- ਰੇਲਵੇ ਟਰੈਕ ਕੀਤੇ ਜਾਮ
ਹਰਿਆਣਾ ‘ਚ ਪੁਲਿਸ ਨੇ ਰੇਲ ਰੋਕਣ ਦੀ ਕੋਸ਼ਿਸ਼ ਕਰਦੇ ਕਿਸਾਨ ਲਏ ਹਿਰਾਸਤ ‘ਚ
ਚੰਡੀਗੜ੍ਹ,10ਮਾਰਚ(ਵਿਸ਼ਵ ਵਾਰਤਾ)-ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ 27 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਪੰਜਾਬ ਅਤੇ ਹਰਿਆਣਾ ‘ਚ ਰੇਲਾਂ ਰੋਕ ਦਿੱਤੀਆਂ ਹਨ। ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ 52 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਜਦਕਿ ਹਰਿਆਣਾ ‘ਚ ਸਿਰਸਾ ਸਮੇਤ 3 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕੀਤੇ ਗਏ ਹਨ। ਇਹ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਸਿਰਸਾ ਵਿੱਚ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਕਰੀਬ 45 ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਸੀ। ਰੇਲਵੇ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਅੰਬਾਲਾ ਡਿਵੀਜ਼ਨ ਵਿੱਚ ਟ੍ਰੈਕ ਜਾਮ ਕਰਨ ਲਈ 21 ਥਾਵਾਂ ਦੀ ਚੋਣ ਕੀਤੀ ਹੈ। ਜਿਸ ਕਾਰਨ ਕਰੀਬ 100 ਟਰੇਨਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਆਰਪੀਐਫ ਨੇ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਤੋਂ ਪਹਿਲਾਂ ਪੁਲਿਸ ਨੇ ਵੀ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।