ਕਿਸਾਨ ਅੰਦੋਲਨ 2.0- ਸ਼ੁਭਕਰਨ ਸਿੰਘ ਮੌਤ ਦਾ ਮਾਮਲਾ : ਅਣਪਛਾਤਿਆਂ ਖਿਲਾਫ਼ FIR ਦਰਜ
ਚੰਡੀਗੜ੍ਹ,29ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦੇ ਦੋਸ਼ਾਂ ਤਹਿਤ (ਆਈਪੀਸੀ 302) ਦੇ ਨਾਲ ਐਫਆਈਆਰ ਦਰਜ ਕੀਤੀ ਹੈ। ਉਸ ਦੇ ਪਿਤਾ ਚਰਨਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਪਟਿਆਲਾ ਦੇ ਪਾਤੜਾਂ ਥਾਣੇ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। 21 ਫਰਵਰੀ ਨੂੰ ਦਿੱਲੀ ਕੂਚ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ 8ਵੇਂ ਦਿਨ ਬੁੱਧਵਾਰ ਨੂੰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ਐੱਫਆਰਆਈ ਦਰਜ ਕਰ ਕੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਭਾਰੀ ਸੁਰੱਖਿਆ ਪ੍ਰਬੰਧਾਂ ਦੌਰਾਨ ਸਾਰੀ ਕਾਰਵਾਈ ਅਮਲ ‘ਚ ਲਿਆਂਦੀ ਗਈ। ਪੁਲਿਸ ਕਾਰਵਾਈ ਉਪਰੰਤ ਪੰਜ ਮੈਂਬਰੀ ਡਾਕਟਰੀ ਬੋਰਡ ਵੱਲੋਂ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਕੀਤਾ ਗਿਆ।