ਕਿਸਾਨ ਆਗੂ ਰੁਲਦੂ ਸਿੰਘ ਨੇ ਮੋਗਾ ਲਾਠੀਚਾਰਜ ਦੇ ਵਿਰੋਧ ਚ ਮੋੜੀ ਪੁਲਿਸ ਸੁਰੱਖਿਆ

ਮਾਨਸਾ, 3 ਸਤੰਬਰ(ਵਿਸ਼ਵ ਵਾਰਤਾ)-ਕੱਲ੍ਹ ਮੋਗਾ ਵਿਖੇ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਆਏ ਸੁਖਬੀਰ ਸਿੰਘ ਬਾਦਲ ਤੋਂ ਸੁਆਲ ਪੁੱਛਣ ਲਈ ਇਕੱਤਰ ਹੋਏ ਕਿਸਾਨ ਉਤੇ ਪੰਜਾਬ ਪੁਲੀਸ ਵਲੋਂ ਕੀਤੇ ਵਹਿਸ਼ੀ ਲਾਠੀਚਾਰਜ ਦੀ ਸੂਚਨਾ ਮਿਲਣ ‘ਤੇ ਪੰਜਾਬ ਸਰਕਾਰ ਦੀ ਇਸ ਕਿਸਾਨਾਂ ਤੇ ਹੋਈ ਕਾਰਵਾਈ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਰਕਾਰੀ ਗੰਨਮੈਨ ਵਾਪਸ ਕਰ ਦਿੱਤੇ ਹਨ।
ਇਸ ਬਾਰੇ ਰੁਲਦੂ ਸਿੰਘ ਮਾਨਸਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੇਸ਼ੱਕ ਉਹ ਪਹਿਲਾਂ ਵੀ ਗੰਨਮੈਨ ਲੈਣ ਲਈ ਸਹਿਮਤ ਨਹੀਂ ਸਨ ਅਤੇ ਪੁਲਿਸ ਵਲੋਂ ਜ਼ੋਰ ਦੇਣ ਦੇ ਬਾਵਜੂਦ ਕੁਝ ਦਿਨ ਪਹਿਲਾਂ ਉਨ੍ਹਾਂ ਲਿਖਤੀ ਤੌਰ ‘ਤੇ ਗੰਨਮੈਨ ਲੈਣ ਤੋਂ ਇਨਕਾਰ ਵੀ ਕਰ ਦਿੱਤਾ ਸੀ, ਪਰ ਕਿਸਾਨ ਲੀਡਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਉਪਰੋਂ ਆਈਆਂ ਹਿਦਾਇਤਾਂ ਦੇ ਹਵਾਲੇ ਨਾਲ ਪੁਲੀਸ ਅਧਿਕਾਰੀਆਂ ਵਲੋਂ ਸੁਰੱਖਿਆ ਗਾਰਡ ਲੈਣ ਲਈ ਅਪੀਲ ਕਰਨ ਅਤੇ ਜਥੇਬੰਦੀ ਦੇ ਕੁਝ ਆਗੂਆਂ ਵਲੋਂ ਵੀ ਇਹ ਗੱਲ ਮੰਨ ਲੈਣ ਦੀ ਰਾਏ ਦੇਣ ‘ਤੇ ਅਖੀਰ ਉਨ੍ਹਾਂ ਗੰਨਮੈਨ ਲੈਣਾ ਪ੍ਰਵਾਨ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਕੱਲ ਮੋਗੇ ਵਿਖੇ ਕਿਸਾਨਾਂ ਉਤੇ ਢਾਹੇ ਗਏ ਜਬਰ ਦੀ ਕਾਲੀ ਕਰਤੂਤ ਤੋਂ ਇਕ ਵਾਰ ਮੁੜ ਪ੍ਰਤੱਖ ਹੋ ਗਿਆ ਹੈ ਕਿ ਕੈਪਟਨ ਸਰਕਾਰ ਵਾਂਗ ਸਰਮਾਏਦਾਰ ਸਰਕਾਰਾਂ, ਕਿਸਾਨ ਹਿਤੈਸ਼ੀ ਹੋਣ ਦਾ ਕਿੰਨਾ ਵੀ ਵਿਖਾਵਾ ਕਿਉਂ ਨਾ ਕਰਨ, ਪਰ ਹੁਕਮਰਾਨ ਜਮਾਤ ਦੀਆਂ ਸਾਰੀਆਂ ਸੱਤਾਧਾਰੀ ਪਾਰਟੀਆਂ – ਬੀਜੇਪੀ ਤੇ ਮੋਦੀ ਸਰਕਾਰ ਵਾਂਗ ਕਾਰਪੋਰੇਟ ਕੰਪਨੀਆਂ ਦੀਆਂ ਪਿੱਠੂ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਘੋਰ ਦੋਖੀ ਹਨ। ਉਨ੍ਹਾਂ ਕਿਹਾ ਕਿ ਮੋਗੇ ਦੀ ਘਟਨਾ ਤੋਂ ਇਹ ਵੀ ਸਾਬਤ ਹੋ ਗਿਆ ਹੈ ਕਿ ਵਾਰੋ ਵਾਰੀ ਪੰਜਾਬ ਦੀ ਸੱਤਾ ਭੋਗਣ ਲਈ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਅੰਦਰਖਾਤੇ ਮਿਲੀਭੁਗਤ ਨਾਲ ਸਿਆਸਤ ਕਰ ਰਹੇ ਹਨ। ਉਹ ਇਕ ਪਾਸੇ ਸਾਡੇ ਅੰਦੋਲਨਕਾਰੀ ਕਿਸਾਨਾਂ ਉਤੇ ਜਬਰ ਢਾਹੁਣ ਅਤੇ ਦੂਜੇ ਪਾਸੇ ਸਾਨੂੰ ਕਿਸਾਨ ਆਗੂਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਵਿਖਾਵਾ ਕਰਨ -ਵਾਲੀ ਇਸ ਦੋਗਲੀ ਨੀਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕਰ ਸਕਦੇ।
ਕਿਸਾਨ ਆਗੂ ਨੇ ਦੱਸਿਆ ਕਿ ਮੋਗਾ ਕਾਂਡ ਦੀ ਜਾਣਕਾਰੀ ਮਿਲਣ ‘ਤੇ ਬੀਤੇ ਕੱਲ ਮਾਨਸਾ ਵਾਪਸ ਪਰਤਣ ਸਾਰ ਮੈਂ ਦੇਰ ਸ਼ਾਮ ਐਸ ਐਸ ਪੀ ਮਾਨਸਾ ਨਾਲ ਮੁਲਾਕਾਤ ਕਰਕੇ ਅਪਣੇ ਇਸ ਫੈਸਲੇ ਬਾਰੇ ਉਨਾਂ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ‘ਤੇ ਹੀ ਸਰਕਾਰੀ ਗੰਨਮੈਨ ਵਾਪਸ ਕਰ ਦਿੱਤੇ ।






















