ਮਾਨਸਾ /ਚੰਡੀਗੜ੍ਹ 6 ਅਕਤੂਬਰ ( ਵਿਸ਼ਵ ਵਾਰਤਾ )-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 31 ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਨਾਲ ਤਾਲਮੇਲ ਵਜੋਂ 13 ਜਿਲ੍ਹਿਆਂ ‘ਚ ਅਣਮਿਥੇ ਸਮੇਂ ਦੇ ਧਰਨੇ ਅੱਜ 50 ਥਾਂਵਾਂ ‘ਤੇ ਲਾਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਪ੍ਰੈਸਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਥਾਂ ਥਾਂ ਮਤੇ ਪਾਸ ਕਰਕੇ ਹਾਥਰਸ ਯੂ ਪੀ ਵਿਖੇ ਭਾਜਪਾ ਯੋਗੀ ਸਰਕਾਰ ਦੀ ਸ਼ਹਿ ਪ੍ਰਾਪਤ ਧਨਾਡ ਉੱਚ ਜਾਤੀ ਗੁੰਡਿਆਂ ਵੱਲੋਂ ਦਲਿਤ ਲੜਕੀ ਮਨੀਸ਼ਾ ਨਾਲ ਬਲਾਤਕਾਰ ਕਰਨ ਮਗਰੋਂ ਵਹਿਸ਼ੀ ਢੰਗ ਨਾਲ ਕਤਲ ਕਰਨ ਦੀ ਦਿਲ ਕੰਬਾਊ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ ਬਲਾਤਕਾਰ ਤੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਉਹਨਾਂ ਦੱਸਿਆ ਕਿ 4 ਜਗ੍ਹਾ ਰੇਲ ਜਾਮ ; 4 ਭਾਜਪਾ ਆਗੂਆਂ ਦੇ ਘਰਾਂ ਅੱਗੇ ; 9 ਟੋਲ ਪਲਾਜ਼ਿਆਂ’ਤੇ ; 3 ਸ਼ਾਪਿੰਗ ਮਾਲਜ਼;
2 ਅਡਾਨੀ ਸੈਲੋ ਗੋਦਾਮ- ;22 ਰਿਲਾਇੰਸ ਪੰਪਾਂ ;5 ਐੱਸ ਆਰ ਪੰਪਾਂ ਅਤੇ 1 ਪ੍ਰਾਈਵੇਟ ਥਰਮਲ ਪਲਾਂਟ ਵਿਖੇ ਇਹ ਧਰਨੇ ਦਿਨੇ ਰਾਤ ਜਾਰੀ ਰਹਿ ਰਹੇ ਹਨ। ਧਰਨਿਆਂ ਵਾਲੀਆਂ ਥਾਂਵਾਂ ‘ਤੇ ਰੋਜ਼ਾਨਾ ਨਰਿੰਦਰ ਮੋਦੀ ਅਤੇ ਕਾਰਪੋਰੇਟਾਂ ਦੇ ਫੋਟੋ ਬੋਰਡ ਬਣਾ ਕੇ ਧਰਨਾਕਾਰੀਆਂ ਵੱਲੋਂ ਉਹਨਾਂ ‘ਤੇ ਛਿੱਤਰ ਪਰੇਡ ਵੀ ਕੀਤੀ ਜਾ ਰਹੀ ਹੈ। ਇਹ ਸਿਲਸਿਲਾ ਪਿੰਡ ਪਿੰਡ ਵੀ ਜਾਰੀ ਹੈ। ਧਰਨਿਆਂ ਵਾਲੇ ਟੌਲ ਪਲਾਜ਼ਿਆਂ ‘ਤੇ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਪੰਜਾਬ ਭਰ ਵਿੱਚ ਤੂਫਾਨ ਵਾਂਗ ਵਧ ਰਹੇ ਮੌਜੂਦਾ ਸਾਂਝੇ ਘੋਲ਼ ਪੜਾਅ ਦਾ ਨਿਸ਼ਾਨਾ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਜਨਤਕ ਨਿਖੇੜੇ ਦੀ ਮਾਰ ਹੇਠ ਲਿਆਉਣਾ ਹੈ। ਥਾਂ ਥਾਂ ਭਾਰੀ ਗਿਣਤੀ ‘ਚ ਨੌਜਵਾਨਾਂ ਤੇ ਔਰਤਾਂ ਸਮੇਤ ਸੈਂਕੜਿਆਂ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ, ਸਨੇਹਦੀਪ ਤੇ ਰਾਜਵਿੰਦਰ ਸਿੰਘ ਰਾਮਨਗਰ ਸਮੇਤ ਵੱਖ ਵੱਖ ਜਿਲ੍ਹਾ ਆਗੂ ਅਤੇ ਨਵੇਂ ਨੌਜਵਾਨ ਮੁੰਡੇ ਕੁੜੀਆਂ ਵੀ ਸ਼ਾਮਲ ਸਨ । ਬੁਲਾਰਿਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਗਠਿਤ ਆਹਲੂਵਾਲੀਆ ਕਮੇਟੀ ਰਾਹੀਂ ਕਾਲੇ ਖੇਤੀ ਕਾਨੂੰਨਾਂ ਸਮੇਤ ਸਰਕਾਰੀ ਅਦਾਰਿਆਂ ਦੇ ਮੁਕੰਮਲ ਨਿੱਜੀਕਰਨ ਦੀ ਜ਼ੋਰਦਾਰ ਵਕਾਲਤ ਦੀ ਸਖ਼ਤ ਨਿਖੇਧੀ ਕੀਤੀ। ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਉਹਨਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇ ਕੇ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ। ਇਹ ਕਾਲੇ ਕਾਨੂੰਨ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਲੰਬੇ ਜਾਨਹੂਲਵੇਂ ਸੰਘਰਸ਼ਾਂ ਦੀ ਝੜੀ ਲਾ ਕੇ ਇਹ ਕਾਲ਼ੇ ਕਾਨੂੰਨ ਰੱਦ ਕਰਨ ਲਈ ਜਾਂ ਫਿਰ ਜ਼ਬਰਦਸਤ ਸਿਆਸੀ ਨਿਖੇੜਾ ਝੱਲਣ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ। ਇਸ ਘੋਲ ਵਿੱਚ ਖੇਤ ਮਜ਼ਦੂਰਾਂ,ਸਨਅਤੀ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਵਪਾਰੀਆਂ, ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਅਤੇ ਲੋਕ ਪੱਖੀ ਕਲਾਕਾਰਾਂ ਸਭਨਾਂ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ ਗਿਆ। ਪ੍ਰੰਤੂ ਕਲਾਕਾਰਾਂ ਦੇ ਪਰਦੇ ਓਹਲੇ ਕੁੱਝ ਮੌਕਾਪ੍ਰਸਤ ਲੋਕਾਂ ਵੱਲੋਂ ਬੇਹੱਦ ਭੜਕਾਊ ਭਾਸ਼ਣਾਂ ਰਾਹੀਂ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ‘ਤੇ ਫਿਰਕਾਪ੍ਰਸਤ ਮਸਲੇ ਉਭਾਰਨ ਅਤੇ ਹਿੰਸਕ ਮਹੌਲ ਪੈਦਾ ਕਰਨ ਦੇ ਯਤਨਾਂ ਦਾ ਸ਼ਿਕਾਰ ਬਣਨ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ ਗਿਆ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਕਰਜ਼ਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ। ਕਰੋਨਾ ਦੀ ਆੜ ਹੇਠ ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ ਬੋਲਣ ਵਾਲੇ ਕਵੀਆਂ, ਵਕੀਲਾਂ, ਬੁੱਧੀਜੀਵੀਆਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90% ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਭਨਾਂ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ। ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ। ਆਹਲੂਵਾਲੀਆ ਕਮੇਟੀ ਭੰਗ ਕਰੋ।
ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ। ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ। ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਧਰਨਿਆਂ ਦੀਆਂ ਥਾਂਵਾਂ ਅਤੇ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨ ਲਾਮਬੰਦੀਆਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਅਤੇ ਭਾਜਪਾ ਹਕੂਮਤ ਸਣੇ ਕਾਰਪੋਰੇਟਾਂ ਖਿਲਾਫ ਰੋਹ ਹੋਰ ਵਧੇਰੇ ਫੈਲ ਰਿਹਾ ਹੈ। ਉਹਨਾਂ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਵੱਖ ਵੱਖ ਰੂਪਾਂ ਵਿੱਚ ਲਗਾਤਾਰ ਜਾਰੀ ਰੱਖਦੇ ਹੋਏ ਹੋਰ ਵਿਸ਼ਾਲ ਅਤੇ ਤੇਜ ਕੀਤਾ ਜਾਵੇਗਾ ।
ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ
ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ ਫੇਰਬਦਲ ਜਾਰੀ - 2017 ਤੋਂ ਹੈਰੋਇਨ ਬਰਾਮਦਗੀ...