ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੌਰੇ ‘ਤੇ , ਰਾਜੌਰੀ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ 13 ਜਨਵਰੀ(ਵਿਸ਼ਵ ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਰਾਜੌਰੀ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ। ਇਸ ਤੋਂ ਇਲਾਵਾ ਜੰਮੂ ‘ਚ ਹਿੰਦੂ ਪਰਿਵਾਰਾਂ ‘ਤੇ ਹੋਏ ਹਮਲਿਆਂ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਵੀ ਕੀਤੀ ਜਾਵੇਗੀ।
ਇਸ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਅਤੇ ਸਾਰੀਆਂ ਖੁਫੀਆ ਏਜੰਸੀਆਂ ਦੇ ਮੁਖੀ ਸ਼ਾਮਲ ਹੋਣਗੇ। ਪਿਛਲੇ ਤਿੰਨ ਮਹੀਨਿਆਂ ‘ਚ ਸ਼ਾਹ ਦੀ ਜੰਮੂ-ਕਸ਼ਮੀਰ ਦੀ ਇਹ ਦੂਜੀ ਯਾਤਰਾ ਹੈ। ਪਿਛਲੇ ਸਾਲ ਅਕਤੂਬਰ ਵਿੱਚ ਗ੍ਰਹਿ ਮੰਤਰੀ ਨੇ ਰਾਜੌਰੀ ਦਾ ਦੌਰਾ ਕੀਤਾ ਸੀ ਅਤੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ 1 ਅਤੇ 2 ਜਨਵਰੀ ਨੂੰ ਰਾਜੌਰੀ ਦੇ ਡਾਂਗਰੀ ਪਿੰਡ ਵਿਚ ਹੋਏ ਦੋ ਅੱਤਵਾਦੀ ਹਮਲਿਆਂ ਵਿਚ ਦੋ ਬੱਚਿਆਂ ਸਮੇਤ ਸੱਤ ਹਿੰਦੂ ਨਾਗਰਿਕ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ। ਇਨ੍ਹਾਂ ਹਮਲਿਆਂ ਤੋਂ ਬਾਅਦ 2000 ਤੋਂ ਵੱਧ ਅਰਧ ਸੈਨਿਕ ਬਲਾਂ ਨੂੰ ਰਾਜੌਰੀ ਭੇਜਿਆ ਗਿਆ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਡਾਂਗਰੀ ਅੱਤਵਾਦੀ ਹਮਲਿਆਂ ਦੀ ਜਾਂਚ ਕਰ ਰਹੀ ਹੈ। ਸਰਕਾਰ ਨੇ ਰਾਜੌਰੀ ਵਿੱਚ ਗ੍ਰਾਮੀਣ ਰੱਖਿਆ ਕਮੇਟੀਆਂ ਨੂੰ ਮੁੜ ਸੁਰਜੀਤ ਕੀਤਾ ਹੈ ਅਤੇ ਸੰਭਾਵੀ ਅੱਤਵਾਦੀ ਹਮਲਿਆਂ ਤੋਂ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨਵੀਆਂ ਰਾਈਫਲਾਂ ਦਿੱਤੀਆਂ ਜਾ ਰਹੀਆਂ ਹਨ, ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਟੀ ਦੇ ਆਗੂ ਅਰੁਣ ਕੁਮਾਰ ਅਤੇ ਬੀ.ਐੱਲ. ਸੰਤੋਸ਼ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਸਮੁੱਚੀ ਸੁਰੱਖਿਆ ਅਤੇ ਰਾਜਨੀਤਿਕ ਸਥਿਤੀ ‘ਤੇ ਚਰਚਾ ਕਰਨ ਲਈ ਜੰਮੂ ਵਿੱਚ ਕਈ ਮੀਟਿੰਗਾਂ ਕੀਤੀਆਂ ਹਨ। ਭਾਜਪਾ ਗ੍ਰਾਮੀਣ ਰੱਖਿਆ ਕਮੇਟੀ ਨੂੰ ਮਜ਼ਬੂਤ ਕਰਨ ਦੀ ਮੰਗ ਕਰ ਰਹੀ ਹੈ। ਜੰਮੂ ਖੇਤਰ ਵਿੱਚ 28,000 ਗ੍ਰਾਮ ਸੁਰੱਖਿਆ ਕਮੇਟੀਆਂ ਹਨ ਅਤੇ ਜਿਨ੍ਹਾਂ ਮੈਂਬਰਾਂ ਨੂੰ ਹਥਿਆਰ ਦਿੱਤੇ ਗਏ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਹਿੰਦੂ ਹਨ।
ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੀ ਸਥਾਪਨਾ ਲਗਭਗ 30 ਸਾਲ ਪਹਿਲਾਂ ਡੋਡਾ ਜ਼ਿਲ੍ਹੇ ਵਿੱਚ ਕੀਤੀ ਗਈ ਸੀ ਜਦੋਂ ਜੰਮੂ-ਕਸ਼ਮੀਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਟੁੱਟ ਗਈ ਸੀ ਅਤੇ ਪਹਾੜੀ ਖੇਤਰਾਂ ਵਿੱਚ ਪਿੰਡ ਵਾਸੀਆਂ ਉੱਤੇ ਅੱਤਵਾਦੀ ਹਮਲੇ ਵਧ ਗਏ ਸਨ। ਅਖੀਰ ਸੁਰੱਖਿਆ ਬਲਾਂ ਨੇ ਸਥਿਤੀ ‘ਤੇ ਕਾਬੂ ਪਾਇਆ ਅਤੇ ਵੀਡੀਸੀ ਦੀ ਭੂਮਿਕਾ ਨੂੰ ਘਟਾ ਦਿੱਤਾ ਗਿਆ, ਪਰ ਹੁਣ ਫਿਰ ਲੋਕ ਵੀਡੀਸੀ ਨੂੰ ਸਰਗਰਮ ਕਰਨ ਦੀ ਮੰਗ ਕਰ ਰਹੇ ਹਨ।























