ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੇ ਕੁੱਲ 1269 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਅੱਜ ਨਵੀਂ ਦਿੱਲੀ ਦੇ ਵਿਖੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1269 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ।
ਸ. ਧਰਮਸੋਤ ਨੇ ਦੱਸਿਆ ਕਿ ਸਾਲ 2016-2017 ਦੇ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ (9ਵੀਂ ਅਤੇ 10ਵੀਂ) ਦੇ 1842.11 ਲੱਖ ਰੁਪਏ, ਪ੍ਰੀ ਮੈਟ੍ਰਿਕ ਮਲੀਨ ਕਿੱਤਾ ਸਕੀਮ ਦੇ 48.71 ਲੱਖ ਰੁਪਏ, ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ ਸਾਲ 2011-12 ਤੋਂ ਸਾਲ 2016-17 ਦੇ 2800 ਲੱਖ ਰੁਪਏ ਕੇਂਦਰ ਵੱਲ ਬਕਾਇਆ ਪਏ ਹਨ।
ਭਲਾਈ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1046 ਕਰੋੜ 47 ਲੱਖ ਰੁਪਏ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ 8469 ਲੱਖ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਦੇ 7633.09 ਲੱਖ ਰੁਪਏ ਜਦਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ 5 ਕਰੋੜ 60 ਲੱਖ ਰੁਪਏ ਜਾਰੀ ਕਰਨੇ ਬਕਾਇਆ ਹਨ।
ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨਾਲ ਸਬੰਧਤ ਭਲਾਈ ਸਕੀਮਾਂ ਦੇ ਕੇਂਦਰ ਵਲੋਂ ਹੁਣ ਤੱਕ ਜਾਰੀ ਕੀਤੀ ਰਾਸ਼ੀ ਦੇ ਵਰਤੋ ਸਰਟੀਫਿਕੇਟ ਭਾਰਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਹਿਲੋਤ ਨੇ ਸੂਬੇ ਦੇ ਭਲਾਈ ਵਿਭਾਗ ਨਾਲ ਸਬੰਧਤ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰ ਦੇਣ ਦਾ ਭਰੋਸਾ ਦਿੱਤਾ ਹੈ।