ਕੈਪਟਨ ਅਮਰਿੰਦਰ ਸਿੰਘ ਦੇ OSD ਰਹੇ ਅੰਕਿਤ ਬਾਂਸਲ ਵੀ ਪਟਿਆਲਾ ਦੇ ਮੇਅਰ ਅਤੇ ਕੌਂਸਲਰਾਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਿਲ
ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤੀ ਪਾਰਟੀ ਜੁਆਇਨ; ਭਾਜਪਾ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਕੀਤਾ ਸਵਾਗਤ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਟਿਆਲਾ ਦੇ ਮੌਜੂਦਾ ਮੇਅਰ ਸੰਜੀਵ ਸ਼ਰਮਾ, ਡਿਪਟੀ ਮੇਅਰ ਅਤੇ ਕਈ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਵੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਅੰਕਿਤ ਬਾਂਸਲ ਨੇ ਵੀ ਭਾਜਪਾ ਜੁਆਇੰਨ ਕੀਤੀ। ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਵੱਡੀ ਗਿਣਤੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ।
ਭਾਜਪਾ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪਟਿਆਲਾ ਦੇ ਮੇਅਰ ਅਤੇ ਡਿਪਟੀ ਮੇਅਰ ਸਮੇਤ ਕਈ ਕੌਂਸਲਰਾਂ ਤੋਂ ਇਲਾਵਾ ਪਟਿਆਲਾ ਤੋਂ ਪੀਐਲਸੀ ਦੇ ਮੀਤ ਪ੍ਰਧਾਨ ਸੁਰਿੰਦਰ ਘੁੰਮਣ ਅਤੇ ਪਨਬੱਸ ਦੇ ਸਾਬਕਾ ਐਮਡੀ ਪ੍ਰੋ. ਭੁਪਿੰਦਰ, ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਗਮੋਹਨ, ਪਟਿਆਲਾ ਦੇ ਪ੍ਰਧਾਨ ਏ.ਕੇ ਮਲਹੋਤਰਾ, ਗੁਲਸ਼ਨ ਪਾਸੀ, ਅੰਮ੍ਰਿਤਸਰ ਤੋਂ ਰਾਜੀਵ ਭਗਤ, ਸਮੇਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਪ੍ਰਧਾਨ, ਆਗੂ ਅਤੇ ਦਰਜਨਾਂ ਹੋਰ ਵਰਕਰ ਭਾਜਪਾ ਪੰਜਾਬ ਵਿੱਚ ਸ਼ਾਮਲ ਹੋਏ।























