ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਸੌਂਪ ਸਕਦੀ ਹੈ ਕੋਈ ਅਹਿਮ ਜ਼ਿੰਮੇਵਾਰੀ
ਚੰਡੀਗੜ੍ਹ, 13 ਫਰਵਰੀ (ਵਿਸ਼ਵ ਵਾਰਤਾ) : ਭਾਜਪਾ ਹਾਈਕਮਾਂਡ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਪਰ ਸਵਾਲ ਇਹ ਹੈ ਕਿ ਕੀ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਉਹ ਵੱਡਾ ਅਹੁਦਾ ਪੰਜਾਬ ਵਿੱਚ ਹੀ ਦੇਣਾ ਚਾਹੁੰਦੀ ਹੈ ਜਾਂ ਕੇਂਦਰ ਵਿੱਚ? ਹੁਣ ਇਸ ਸਬੰਧੀ ਚਰਚਾ ਸ਼ੁਰੂ ਹੋ ਗਈ ਹੈ। ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਕੈਪਟਨ ਨੂੰ ਰਾਜਪਾਲ ਦੀ ਜ਼ਿੰਮੇਵਾਰੀ ਨਾ ਸੌਂਪਣ ਦਾ ਇੱਕ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕੈਪਟਨ ਦੇ ਪ੍ਰਭਾਵਸ਼ਾਲੀ ਪ੍ਰਭਾਵ ਨੂੰ ਦੇਖਦੇ ਹੋਏ ਭਾਜਪਾ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਨਾਲ ਲੈ ਕੇ ਜਾਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਬੇਸ਼ੱਕ ਪਹਿਲਾ ਚਰਚਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਜਾ ਰਿਹਾ ਹੈ, ਪਰ ਇਹਨਾਂ ਚਰਚਾਵਾਂ ਤੇ ਵਿਰਾਮ ਉਸ ਸਮੇਂ ਲੱਗਾ ਜਦੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਦੇਸ਼ ਦੇ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੱਡੇ ਬਦਲਾਅ ਕਰਦੇ ਹੋਏ ਰਾਜਪਾਲ ਨਿਯੁਕਤ ਕੀਤੇ, 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਈ ਸੀਨੀਅਰ ਅਧਿਕਾਰੀਆਂ ਨੂੰ ਰਾਜਪਾਲ ਅਤੇ ਉਪ-ਰਾਜਪਾਲ ਦਾ ਅਹੁਦਾ ਸੌਂਪਿਆ ਗਿਆ ਅਤੇ ਮਹਾਰਾਸ਼ਟਰ ਦਾ ਰਾਜਪਾਲ ਰਮੇਸ਼ ਬੈਸ ਨੂੰ ਬਣਾਇਆ ਗਿਆ।
ਹੁਣ ਭਾਜਪਾ ਹਾਈਕਮਾਂਡ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਵੀ ਸਮੇਂ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ, ਜਿਸ ਦਾ ਐਲਾਨ ਕਿਸੇ ਵੀ ਸਮੇਂ ਸੰਭਵ ਹੈ।