ਚੰਡੀਗੜ੍ਹ/ਪਟਿਆਲਾ, 25 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਸਵਾਗਤ ਕਰਦਿਆਂ ਘਿਨਾਉਣੀਆਂ ਹੱਤਿਆਵਾਂ ਦਾ ਸ਼ਿਕਾਰ ਹੋਏ ਬੇਕਸੂਰ ਲੋਕਾਂ ਦੇ ਪਰਿਵਾਰਾਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਜਾਣ-ਬੁੱਝ ਕੇ ਇਨ੍ਹਾਂ ਹੱਤਿਆਵਾਂ ਦੀ ਜਾਂਚ ਨਹੀਂ ਕੀਤੀ ਸੀ।
ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਅਤੇ ਇਸ ਤੋਂ ਬਾਅਦ ਬੇਕਸੂਰ ਲੋਕਾਂ ‘ਤੇ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦਾ ਤਹੱਈਆ ਕਰਦਿਆਂ ਮੁੱਖ ਮੰਤਰੀ ਨੇ ਅੱਜ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਪੜਤਾਲ ਨੂੰ ਅੰਜ਼ਾਮ ਤੱਕ ਪਹੁੰਚਾਉਣ ਅਤੇ ਜਾਂਚ ਛੇਤੀ ਨੇਪਰੇ ਚਾੜ੍ਹਨ ਲਈ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਕੋਈ ਵੀ ਵਿਅਕਤੀ ਕਾਨੂੰਨ ਦੇ ਸ਼ਿਕੰਜੇ ‘ਚੋਂ ਬਚ ਨਹੀਂ ਸਕੇਗਾ।
ਗੋਲੀਬਾਰੀ ਘਟਨਾ ਦੀ ਐਫ.ਆਈ.ਆਰ. ਵਿੱਚ ਨਾਮ ਆਉਣ ਉਤੇ ਪੁਲੀਸ ਮੁਲਾਜ਼ਮਾਂ ਵੱਲੋਂ ਦਾਇਰ ਕੀਤੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਇਹ ਜਾਂਚ ਸੀ.ਬੀ.ਆਈ. ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਅਤੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਵਿੱਚ ਭਰੋਸਾ ਜ਼ਾਹਰ ਕੀਤਾ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਨੇ ਐਸ.ਆਈ.ਟੀ. ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਜਾਂਚ ਮੁਕੰਮਲ ਕਰਕੇ ਚਲਾਨ ਪੇਸ਼ ਕੀਤਾ ਜਾਵੇ ਅਤੇ ਇਸ ਆਦੇਸ਼ ਦਾ ਪਾਲਣ ਕੀਤਾ ਜਾਵੇਗਾ। ਸੀਨੀਅਰ ਵਕੀਲ ਪੀ. ਚਿਦੰਬਰਮ ਅਤੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਇਨ੍ਹਾਂ ਪਟੀਸ਼ਨਾਂ ‘ਤੇ ਸਫ਼ਲਤਾ ਨਾਲ ਪੰਜਾਬ ਸਰਕਾਰ ਦਾ ਪੱਖ ਰੱਖਿਆ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਮੰਨਣਾ ਹੈ ਕਿ ਕਰਤਾਰਪੁਰ ਲਾਂਘਾ ਸਾਰੇ ਧਰਮਾਂ ਦੇ ਸ਼ਰਧਾਲੂਆਂ ਲਈ ਖੋਲ੍ਹਣਾ ਚਾਹੀਦਾ ਹੈ। ਸਿੱਖ ਗੁਰੂ ਸਾਹਿਬਾਨ ਨੇ ਆਪਣੀ ਵਿਚਾਰਧਾਰਾ ਮੁਤਾਬਕ ਪਰਮਾਤਮਾ ਦੀ ਸਰਬ ਵਿਆਪਕਤਾ ਦਾ ਪਸਾਰ ਕੀਤਾ ਹੈ, ਜਿਸ ਕਰ ਕੇ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਧਰਮ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਨੇ ਕਰਤਾਰਪੁਰ ਲਾਂਘੇ ਲਈ ਹਰੇਕ ਨੂੰ ਇਜਾਜ਼ਤ ਦੇਣ ਦੀ ਜ਼ੋਰਦਾਰ ਵਕਾਲਤ ਕੀਤੀ ਤਾਂ ਕਿ ਕੋਈ ਵੀ ਨਾਨਕ ਲੇਵਾ ਸ਼ਰਧਾਲੂ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹਿ ਸਕੇ।
ਆਗਾਮੀ ਲੋਕ ਸਭਾ ਚੋਣਾਂ ਵਿੱਚ ਸੂਬੇ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ਉਤੇ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਖੁੰਬਾਂ ਵਾਂਗ ਉÎੱਗ ਰਹੀਆਂ ਨਵੀਆਂ ਸਿਆਸੀ ਪਾਰਟੀਆਂ ਨੂੰ ਆਧਾਰਹੀਣ ਦੱਸਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਰਾਤੋਂ-ਰਾਤ ਬਣੀਆਂ ਅਜਿਹੀਆਂ ਪਾਰਟੀਆਂ ਤੋਂ ਕੋਈ ਖ਼ਤਰਾ ਨਹੀਂ ਅਤੇ ਅਜਿਹੀਆਂ ਪਾਰਟੀਆਂ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲਵੇਗਾ।
ਪ੍ਰਿਯੰਕਾ ਗਾਂਧੀ ‘ਚ ‘ਬਹੁਤ ਸੁੰਦਰ’ ਹੋਣ ਤੋਂ ਇਲਾਵਾ ਹੋਰ ਕੋਈ ਯੋਗਤਾ ਨਾ ਹੋਣ ਅਤੇ ਇਸ ਨਾਲ ਵੀ ਵੋਟਾਂ ਹਾਸਲ ਨਾ ਕਰ ਸਕਣ ਬਾਰੇ ਭਾਜਪਾ ਆਗੂ ਤੇ ਬਿਹਾਰ ਦੇ ਮੰਤਰੀ ਵਿਨੋਦ ਨਰਾਇਣ ਝਾਅ ਵੱਲੋਂ ਕੀਤੀ ਟਿੱਪਣੀ ਉਤੇ ਮੁੱਖ ਮੰਤਰੀ ਨੇ ਕਿਹਾ, ”ਇਕ ਪਾਗਲ ਇਨਸਾਨ ਤੋਂ ਤੁਸੀਂ ਹੋਰ ਕੀ ਆਸ ਰੱਖ ਸਕਦੇ ਹੋ।”