ਕੈਪਟਨ ਸਰਕਾਰ ਅਤੇ ਆਪ ਖ਼ਿਲਾਫ਼ ਅਕਾਲੀ ਦਲ ਉੱਤਰਿਆ ਸੜਕਾਂ ਤੇ
ਲਾਏ ਧਰਨੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਵਿਧਾਇਕ ਨੇ ਮੰਗਿਆ ਮੁੱਖ ਮੰਤਰੀ ਅਤੇ ਖ਼ਜ਼ਾਨਾ ਮੰਤਰੀ ਤੋਂ ਵਿਕਾਸ ਕਾਰਜਾਂ ਦਾ ਹਿਸਾਬ
ਆਪ ਕਰ ਰਹੀ ਹੈ ਕਿਸਾਨੀ ਮੁੱਦੇ ਤੇ ਦੋਗਲੀ ਸਿਆਸਤ : ਸਰੂਪ ਸਿੰਗਲਾ

ਬਠਿੰਡਾ 5 ਅਪ੍ਰੈਲ ( ਕੁਲਬੀਰ ਬੀਰਾ ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਤੇ ਅੱਜ ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਅਤੇ ਆਪ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ, ਜਿੱਥੇ ਪੰਜਾਬ ਸਰਕਾਰ ਤੋਂ ਚਾਰ ਸਾਲਾਂ ਵਿੱਚ ਵਿਕਾਸ ਕਾਰਜਾਂ ਦਾ ਹਿਸਾਬ ਮੰਗਿਆ ,ਉਥੇ ਹੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤੇ ਵਾਅਦਿਆਂ ਦਾ ਜਵਾਬ ਦੇਣ ਦੀ ਵੀ ਮੰਗ ਕੀਤੀ । ਇਸ ਦੇ ਨਾਲ ਆਮ ਆਦਮੀ ਪਾਰਟੀ ਤੇ ਕਿਸਾਨੀ ਮੁੱਦੇ ਤੇ ਦੋਗਲੀ ਸਿਆਸਤ ਕਰਨ ਦੇ ਦੋਸ਼ ਲਾਉਂਦਿਆਂ ਭਗਵੰਤ ਮਾਨ ਲੋਕ ਸਭਾ ਮੈਂਬਰ ਸੰਗਰੂਰ ਤੋਂ ਜ਼ਰੂਰੀ ਵਸਤਾਂ ਸੋਧ ਬਿੱਲ ਨੂੰ ਦਿੱਤੀ ਗਈ ਸਹਿਮਤੀ ਤੇ ਅਸਤੀਫ਼ੇ ਦੀ ਮੰਗ ਵੀ ਕੀਤੀ।ਜ਼ਿਲ੍ਹਾ ਬਠਿੰਡਾ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਧਰਨਿਆਂ ਦੀ ਅਗਵਾਈ ਕੀਤੀ ਅਤੇ ਗੋਨਿਆਣਾ ਤੇ ਬਠਿੰਡਾ ਵਿਖੇ ਧਰਨੇ ਨੂੰ ਸੰਬੋਧਨ ਕੀਤਾ ਤੇ ਕੈਪਟਨ ਸਰਕਾਰ ਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲਿਆ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ਵਪਾਰ ਵਿੰਗ ਪੰਜਾਬ ਵੱਲੋਂ ਅੱਜ ਮੁਲਤਾਨੀਆਂ ਰੋਡ ਤੇ ਸਥਿਤ ਫੌਜੀ ਚੌਕ ਕੋਲ ਧਰਨਾ ਦਿੱਤਾ ਗਿਆ, ਜਿਸ ਵਿਚ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ, ਬੇਰੁਜ਼ਗਾਰ ਅਤੇ ਨੌਜਵਾਨਾਂ ਦੇ ਨਾਲ ਮਹਿਲਾਵਾਂ ਦੀ ਸ਼ਮੂਲੀਅਤ ਵੀ ਪ੍ਰਭਾਵਸ਼ਾਲੀ ਰਹੀ । ਇਕੱਠ ਨੂੰ ਸੰਬੋਧਨ ਕਰਦੇ ਹੋਏ ਸਰੂਪ ਸਿੰਗਲਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ ਅਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਉਥੇ ਹੀ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਸ਼ਹਿਰ ਬਠਿੰਡਾ ਦੇ ਵਿਕਾਸ ਲਈ ਵੱਖਰਾ ਚੋਣ ਮੈਨੀਫੈਸਟੋ ਜਾਰੀ ਕੀਤਾ ਉਸ ਵਿਚ ਵੀ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ, ਬਲਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੋਕ ਹਿੱਤ ਵਿੱਚ ਚਲਾਈਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ, ਇੱਥੋਂ ਤੱਕ ਕਿ ਪੇਂਡੂ ਖੇਤਰ ਵਿੱਚ ਸਹੂਲਤਾਂ ਦੇਣ ਵਾਲੇ ਸੇਵਾ ਕੇਂਦਰ, ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਵਾਲੇ ਵਰਲਡ ਕਬੱਡੀ ਕੱਪ, ਹੁਸ਼ਿਆਰ ਲਡ਼ਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਦਿੱਤੇ ਜਾਣ ਵਾਲੇ ਸਾਈਕਲ, ਵਜ਼ੀਫ਼ੇ, ਆਟਾ ਦਾਲ, ਨੀਲੇ ਕਾਰਡ ਸਭ ਬੰਦ ਕਰ ਦਿੱਤੇ ਹਨ, ਜਿਸ ਕਰਕੇ ਅੱਜ ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ ਹੈ । ਉਨ੍ਹਾਂ ਦੋਸ਼ ਲਾਇਆ ਕਿ ਬਠਿੰਡਾ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਅੱਜ ਇਸ ਪਾਸੇ ਨਗਰ ਨਿਗਮ ਪ੍ਰਸ਼ਾਸਨ ਵੀ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਜ਼ਰੂਰੀ ਵਸਤਾਂ ਸੋਧ ਬਿਲ ਵਿਚ ਸਹਿਮਤੀ ਦੇ ਕੇ ਸਾਫ ਕਰ ਦਿੱਤਾ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕਿਸਾਨੀ ਮੁੱਦੇ ਤੇ ਦੋਗਲੀ ਸਿਆਸਤ ਕਰ ਰਹੇ ਹਨ, ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਅਮਨ ਕਾਨੂੰਨ ਸਥਿਤੀ ਦੇ ਵਿਗੜੇ ਹਾਲਾਤ, ਹਰ ਵਰਗ ਵਿੱਚ ਮੱਚੀ ਤ੍ਰਾਹੀ ਨਜ਼ਰ ਨਹੀਂ ਆਉਂਦੀ । ਇਸ ਮੌਕੇ ਸਾਬਕਾ ਮੇਅਰ ਬਲਵੰਤ ਰਾਏ ਨਾਥ, ਬਲਜੀਤ ਸਿੰਘ ਬੀੜ ਬਹਿਮਣ, ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਢਿੱਲੋਂ, ਨਿਰਮਲ ਸਿੰਘ ਸੰਧੂ, ਰਾਜਵਿੰਦਰ ਸਿੰਘ ,ਕੁਲਦੀਪ ਸਿੰਘ ਨੰਬਰਦਾਰ, ਹਰਜੀਤ ਸਿੰਘ ਸਿਵੀਆ, ਮਨਪ੍ਰੀਤ ਗੋਸਲ , ਆਦਿ ਹਜਰ ਸਨ।






















