ਕੈਪਟਨ ਸਰਕਾਰ ਦੀ ਨਾਕਾਮੀ ਕਾਰਨ ਉਦਯੋਗਾਂ ਨੂੰ ਬਿਜਲੀ ਨਾ ਮਿਲਣ ਖ਼ਿਲਾਫ਼ ਲੁਧਿਆਣਾ ਵਿਖੇ ਸੋਮਵਾਰ ਨੂੰ ਧਰਨਾ ਦੇਵੇਗੀ ਆਮ ਆਦਮੀ ਪਾਰਟੀ
.. .. ਆਪ ਦੀ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਵਿੱਚ ਰੱਦ ਕੀਤੇ ਜਾਣਗੇ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤੇ : ਹਰਪਾਲ ਸਿੰਘ ਚੀਮਾ
.. .. ਸਰਕਾਰ ਦੀ ਲਾਪ੍ਰਵਾਹੀ ਨਾਲ ਉਦਯੋਗਾਂ ਨੂੰ ਰੋਜ ਹੋ ਰਿਹਾ ਕਰੋੜਾਂ ਦਾ ਨਕੁਸਾਨ: ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ, 11 ਜੁਲਾਈ : Êਪੰਜਾਬ ਵਿੱਚ ਬਿਜਲੀ ਸੰਕਟ ਨਾਲ ਜੂਝ ਰਹੇ ਉਦਯੋਗਪਤੀਆਂ ਅਤੇ ਵਾਪਾਰੀਆਂ ਦੀ ਆਵਾਜ਼ ਬੁਲੰਦ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਸੋਮਵਾਰ ਨੂੰ ਲੁਧਿਆਣਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਪ੍ਰਗਟਾਵਾ ਕਰਦਿਆਂ ਐਤਾਵਰ ਨੂੰ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਾਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਦੇ ਖ਼ਿਲਾਫ਼ ਲੁਧਿਆਣਾ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ ਕਿਉਂਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਦੇ ਕਾਰਨ ਆਮ ਲੋਕਾਂ ਅਤੇ ਉਦਯੋਗਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਦੇ ਖ਼ਿਲਾਫ਼ ਵਾਪਾਰੀਆਂ ਅਤੇ ਉਦਯੋਗਪਤੀਆਂ ਦੀ ਆਵਾਜ਼ ਬੁਲੰਦ ਕਰਦੇ ਹੋਏ ਪਾਰਟੀ ਦੇ ਵਾਪਾਰ ਵਿੰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਵਾਪਾਰੀਆਂ ਅਤੇ ਉਦਯੋਗਪਤੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਹੋਈ ਹੈ ਕਿਉਂਕਿ ਨਾ ਤਾਂ ਕੋਰੋਨਾ ਕਾਰਨ ਘਾਟੇ ਵਿੱਚ ਚੱਲ ਰਹੇ ਉਦਯੋਗਾਂ ਅਤੇ ਵਾਪਾਰੀਆਂ ਨੂੰ ਕੋਈ ਸਹਾਇਤਾ ਸਰਕਾਰ ਵੱਲੋਂ ਦਿੱਤੀ ਗਈ ਹੈ ਅਤੇ ਨਾ ਹੀ ਹੁੱਣ ਬਿਜਲੀ ਦੀ ਸਪਲਾਈ। ਇਸ ਕਾਰਨ ਉਦਯੋਗਾਂ ਅਤੇ ਵਾਪਾਰ ਨੂੰ ਭਾਰੀ ਆਰਥਿਕ ਹਾਨੀ ਹੋ ਰਹੀ ਹੈ।
ਚੀਮਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਪੰਜਾਬ ਵਿਰੋਧੀ ਬਿਜਲੀ ਸਮਝੌਤੇ ਅਤੇ ਕਾਂਗਰਸ ਸਰਕਾਰ ਵੱਲੋਂ ਗਲਤ ਨੀਤੀਆਂ ਲਾਗੂ ਰੱਖਣ ਕਾਰਨ ਅੱਜ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪਹਿਲੀ ਹੀ ਕੈਬਨਿਟ ਬੈਠਕ ਵਿੱਚ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ। ਇਹ ਗਲਤ ਸਮਝੌਤੇ ਰੱਦ ਕਰਨ ਨਾਲ ਨਾ ਕੇਵਲ ਪੰਜਾਬ ਵਿਚ ਬਿਜਲੀ ਸੰਕਟ ਖ਼ਤਮ ਹੋਵੇਗਾ ਸਗੋਂ ਬਿਜਲੀ ਸਸਤੀ ਵੀ ਪ੍ਰਾਪਤ ਹੋਵੇਗੀ।
ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਦੇ ਵਾਪਾਰੀ ਅਤੇ ਕਿਸਾਨ ਬਿਜਲੀ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੀ ਕਮੀ ਨੂੰ ਦੂਰ ਕਰਨ ਦੀ ਥਾਂ ਉਦਯੋਗਾਂ ਨੂੰ ਕੰਮ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ, ਜਿਸ ਨਾਲ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਗਏ ਹਨ।
ਆਪ ਆਗੂਆਂ ਨੇ ਕਿਹਾ ਕਿ ਕੈਪਟਨ ਦੇ ਰਾਜ ਵਿੱਚ ਸੂਬੇ ਦੇ ਵਾਪਾਰੀ, ਉਦਯੋਗਪਤੀ, ਕਿਸਾਨ ਅਤੇ ਆਮ ਲੋਕ ਬਿਜਲੀ ਦੇ ਭਾਰੀ ਸੰਕਟ ਵਿੱਚ ਫਸੇ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਦੀ ਕਮੀ ਕਾਰਨ ਉਦਯੋਗਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ।