ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੇ ਧਰਨੇ ਪਹੁੰਚ ਕੇ ਮੰਨੀਆਂ ਮੰਗਾਂ ਦਾ ਕੀਤਾ ਐਲਾਨ
ਚੰਡੀਗੜ੍ਹ, 18 ਮਈ : ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਜਥੇਬੰਦੀਆਂ ਵਿਚਕਾਰ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਝੋਨਾ ਲਗਾਉਣ ਸਬੰਧੀ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨਾ 14 ਜੂਨ ਤੋਂ ਲੱਗਣਾ ਸ਼ੁਰੂ ਹੋਵੇਗਾ, ਸਰਹੱਦ ਦੇ ਕਿਸਾਨ ਜਿੰਨਾਂ ਦੀ ਜ਼ਮੀਨ ਤਾਰ ਤੋਂ ਪਾਰ ਹੈ ਉਨ੍ਹਾਂ ਦਾ 10 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ। ਬਿਜਲੀ ਤਿੰਨ ਦਿਨ ਪਹਿਲਾਂ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੂੰਗੀ ਉਤੇ ਐਮਐਸਪੀ ਉਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੀ ਕੀਮਤ 7275 ਰੁਪਏ ਤੈਅ ਕੀਤੀ ਗਈ ਹੈ। ਬਾਸਮਤੀ ਉਤੇ ਦੀ ਐਮਐਸਪੀ ਸਬੰਧੀ ਕੱਲ੍ਹ ਨੂੰ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਕਣਕ ਦੇ ਬੋਨਸ ਸਬੰਧੀ ਰਕਮ ਸਬੰਧੀ ਵੀ ਗ੍ਰਹਿ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਕਰਜ਼ਾ ਕੁਰਕੀ ਦੇ ਕੋਈ ਵੀ ਅਧਿਕਾਰੀ ਵਰੰਟ ਨਹੀਂ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛਡਾਉਣ ਸਬੰਧੀ ਮੁਹਿੰਮ ਸ਼ੁਰੂ ਕੀਤੀ ਹੈ ਉਸ ਸਬੰਧੀ ਕਿਸਾਨ ਆਗੂਆਂ ਨੇ ਕਈ ਅਹਿਮ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਅਸੀਂ ਇਸ ਮੁਹਿੰਮ ਨੂੰ 2 ਹਿੱਸਿਆਂ ਵਿੱਚ ਵੰਡਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਚਿੱਪ ਵਾਲੇ ਮੀਟਰ ਵੀ ਨਹੀਂ ਲੱਗਣਗੇ। ਇਸ ਸਬੰਧੀ ਅਸੀਂ ਕਿਸਾਨਾਂ ਨਾਲ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਤੁਹਾਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਹੈ, ਜਦੋਂ ਮਰਜ਼ੀ ਆਓ ਅਸੀਂ ਮੰਗਾਂ ਦਾ ਹੱਲ ਕਰਾਂਗੇ।























