ਬਾਲ ਘਰਾਂ ‘ਚ ਰਹਿ ਰਹੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਬਣਾਈ ਜਾਵੇਗੀ ਯੋਜਨਾ : ਡਾ. ਬਲਜੀਤ ਕੌਰ
ਰਾਜਪੁਰਾ 27 ਮਈ:(ਕੁਲਵੰਤ ਸਿੰਘ ਬੱਬੂ/ਵਿਸ਼ਵ ਵਾਰਤਾ)-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਰਾਜਪੁਰਾ ਦੇ ਚਿਲਡਰਨ ਹੋਮ, ਸਹਿਯੋਗ ਹੋਮ ਤੇ ਐਸ.ਓ.ਐਸ ਵਿਲੇਜ ਦਾ ਦੌਰਾ ਕਰਕੇ ਚਿਲਡਰਨਜ਼ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਦੇ ਰਹਿਣ-ਸਹਿਣ, ਖਾਣੇ, ਸਿੱਖਿਆ ਅਤੇ ਸਿਹਤ ਸਬੰਧੀ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਲ ਘਰਾਂ ‘ਚ ਰਹਿ ਰਹੇ ਬੱਚਿਆਂ ਦਾ ਉੱਜਵਲ ਭਵਿੱਖ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਯੋਜਨਾ ਬਣਾਈ ਜਾਵੇਗੀ ਤਾਂ ਜੋ ਇਥੇ ਰਹਿ ਰਹੇ ਬੱਚੇ ਚੰਗੀ ਵਿੱਦਿਆ ਹਾਸਲ ਕਰਕੇ ਸਮਾਜ ‘ਚ ਵਧੀਆਂ ਮੁਕਾਮ ਹਾਸਲ ਕਰ ਸਕਣ।
ਡਾ. ਬਲਜੀਤ ਕੌਰ ਨੇ ਕਿਹਾ ਬੇਸਹਾਰਾ ਬੱਚਿਆਂ ਨੂੰ ਬਣਦੀ ਹਰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਤਰਜੀਹ ਤੌਰ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਸਮਾਜ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਅਤੇ ਇਨ੍ਹਾਂ ਦੀ ਹਰੇਕ ਖੇਤਰ ‘ਚ ਪੂਰਨ ਭਾਗੀਦਾਰੀ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਚਿਲਡਰਨ ਹੋਮ ਰਾਜਪੁਰਾ ਤੇ ਐਮ.ਆਰ.ਹੋਮ ਰਾਜਪੁਰਾ ‘ਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਕਾਂ ਨੂੰ ਬੱਚਿਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਜੋ ਵੀ ਇਨ੍ਹਾਂ ਚਿਲਡਰਨ ਹੋਮਜ਼ ਦੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਸਰਕਾਰ ਵੱਲੋਂ ਹੱਲ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਚਿਲਡਰਨ ਹੋਮਜ਼ ‘ਚ ਮਿਲ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਚਿਲਡਰਨ ਹੋਮਜ਼ ‘ਚ ਸਮੇਂ ਸਮੇਂ ‘ਤੇ ਵੱਖ ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਚਿਲਡਰਨ ਹੋਮ ‘ਚ 11 ਅਤੇ ਸਹਿਯੋਗ ਹੋਮ ‘ਚ 28 ਬੱਚੇ ਰਹਿ ਰਹੇ ਹਨ।
ਇਸ ਮੌਕੇ ਉਨ੍ਹਾਂ ਐਸ.ਓ.ਐਸ. ਵਿਲੇਜ ਰਾਜਪੁਰਾ ਦਾ ਦੌਰਾ ਵੀ ਕੀਤਾ ਅਤੇ ਉਥੇ ਰਹਿ ਰਹੇ ਬੱਚਿਆਂ ਅਤੇ ਔਰਤਾਂ ਨਾਲ ਵਿਚਰਨ ਉਪਰੰਤ ਉਨ੍ਹਾਂ ਕਿਹਾ ਕਿ ਕਿਸੇ ਕਾਰਨ ਆਪਣੇ ਮਾਤਾ-ਪਿਤਾ ਤੋਂ ਅਲੱਗ ਹੋਏ ਬੱਚਿਆਂ ਤੇ ਉਨ੍ਹਾਂ ਔਰਤਾਂ ਲਈ ਜਿਨ੍ਹਾਂ ਨੂੰ ਪਰਿਵਾਰ ਦੀ ਜ਼ਰੂਰਤ ਹੈ ਲਈ ਬਹੁਤ ਵਧੀਆਂ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾਂ ਬੱਚਿਆਂ ਸਮੇਤ ਔਰਤਾਂ ਸਸ਼ਕਤੀਕਰਨ ਲਈ ਵੀ ਬਿਹਤਰੀਨ ਕੰਮ ਕਰ ਰਹੀ ਹੈ ਤੇ ਅਜਿਹੇ ਪ੍ਰੋਜੈਕਟ ਨੂੰ ਸੂਬਾ ਪੱਧਰ ‘ਤੇ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਐਸ.ਓ.ਐਸ. ਵੀਲੇਜ਼ ਦੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਅਜਿਹੇ ਉਪਰਾਲੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁਖਧਾਰਾ ਨਾਲ ਜੋੜਨ ਲਈ ਅਹਿਮ ਹਨ। ਅਜਿਹੇ ਸੰਕਲਪ ਨੂੰ ਅਸੀ ਪੰਜਾਬ ਪੱਧਰ ‘ਤੇ ਲੈਕੇ ਜਾਵੇਗਾ। ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਓ.ਐਸ. ਵੀਲੇਜ਼ ‘ਚ ਰਹਿ ਰਹੇ ਰਿਚਾ ਦਾਸ ਅਤੇ ਈਪਸ਼ੀਤਾ ਕੌਰ ਨੇ ਆਪਣੇ ਐਸ.ਓ.ਐਸ. ਵੀਲੇਜ਼ ਦੇ ਲੰਮਾ ਤਜਰਬਾ ਵੀ ਸਾਂਝੇ ਕੀਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਨਾਲ ਸਬੰਧਤ ਕਾਨੂੰਨਾਂ ਨੂੰ ਸਰਕਾਰ ਵੱਲੋਂ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਿਹੜੇ ਬੱਚੇ ਪੜਾਈ ਤੋਂ ਦੂਰ ਹੋ ਗਏ ਹਨ, ਉਨ੍ਹਾਂ ਨੂੰ ਦੁਬਾਰਾ ਸਕੂਲਾਂ ਨਾਲ ਜੋੜਿਆਂ ਜਾਵੇਗਾ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਹੋਏ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਹਰਕਮਲ ਕੌਰ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਬੂਟਾ ਸਿੰਘ, ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਵਿਭਾਗ ਸੰਤੋਸ਼ ਵਿਰਦੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰਗਰਾਮ ਅਫ਼ਸਰ ਨਰੇਸ਼ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਲਵਿਸ਼ ਮਿੱਤਲ, ਐਸ.ਓ.ਐਸ. ਵਿਲੇਜ ਦੇ ਪ੍ਰਬੰਧਕ ਸੰਜੀਵ ਕੁਮਾਰ ਵੀ ਮੌਜੂਦ ਸਨ।