ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਕਾਂਗਰਸ ਨੇ ਲਾਇਆ ਧਰਨਾ
ਫੌਜਾ ਸਿੰਘ ਸਰਾਰੀ ਨੰ ਬਰਖ਼ਾਸਤ ਕਰਨ ਦੀ ਕਰ ਰਹੇ ਹਨ ਮੰਗ
ਚੰਡੀਗੜ੍ਹ 21 ਅਕਤੂਬਰ(ਵਿਸ਼ਵ ਵਾਰਤਾ)- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਕਲਿੱਪ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਪੰਜਾਬ ਕਾਂਗਰਸ ਦੇ ਸਮੂਹ ਆਗੂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿੱਚ ਧਰਨੇ ’ਤੇ ਬੈਠ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂ ‘ਆਪ’ ਸਰਕਾਰ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਵਿੱਚ ਲਿਪਤ ਆਪਣੇ ਮੰਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ‘ਆਪ’ ਵਿਰੋਧੀ ਪਾਰਟੀ ਦੇ ਆਗੂਆਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਉਨ੍ਹਾਂ ਆਗੂਆਂ ਖ਼ਿਲਾਫ਼ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਨ੍ਹਾਂ ਦੀ ਆਡੀਓ ਰਿਕਾਰਡਿੰਗ ਵੀ ਵਾਇਰਲ ਹੋਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਕਲਿੱਪ ਕਾਫੀ ਵਾਈਰਲ ਹੋਈ ਸੀ। ਜਿਸ ਵਿੱਚ ਉਹ ਆਪਣੇ ਓਐਸਡੀ ਨਾਲ ਅਨਾਜ ਦੀ ਢੋਆ-ਢੁਆਈ ਦੇ ਕੁਝ ਠੇਕੇਦਾਰਾਂ ਨੂੰ ਫਸਾਉਣ ਦੀ ਯੋਜਨਾ ਬਾਰੇ ਚਰਚਾ ਕਰ ਰਹੇ ਹਨ। ਉਦੋਂ ਤੋਂ ਹੀ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ‘ਆਪ’ ਤੋਂ ਸਰਰੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਅਤੇ ਕੇਸ ਦਰਜ ਕਰਨ ਦੀ ਮੰਗ ਕਰ ਰਹੀਆਂ ਹਨ।