ਕੈਬਨਿਟ ਵੱਲੋਂ ‘ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ’ ਨੂੰ ਲਾਗੂ ਕਰਨ ਲਈ ਮਨਜ਼ੂਰੀ
ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)- ਮੰਤਰੀ ਮੰਡਲ ਨੇ ‘ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ’ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਅਤੇ ਸੋਚ ਦਾ ਵਿਕਾਸ ਕੀਤਾ ਜਾ ਸਕੇਗਾ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇਗਾ ਤਾਂ ਜੋ ਉਹ ਰੋਜ਼ਗਾਰ ਸਿਰਜਣਹਾਰ ਬਣਨ ਦੇ ਨਾਲ-ਨਾਲ ਦੇਸ਼ ਖਾਸ ਤੌਰ ‘ਤੇ ਪੰਜਾਬ ਦੀਆਂ ਸਮੱਸਿਆ ਹੱਲ ਕਰ ਸਕਣਗੇ। ਇਸ ਪ੍ਰੋਗਰਾਮ ਤਹਿਤ ਇੱਕ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਵਿਭਾਗ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਬਿਜ਼ਨਸ ਆਇਡੀਆ ਵਿਕਸਿਤ ਕਰਨ ਅਤੇ ਲਾਗੂ ਕਰਨ ਲਈ 2,000 ਰੁਪਏ ਪ੍ਰਤੀ ਵਿਦਿਆਰਥੀ ਵਿੱਤੀ ਰਾਸ਼ੀ (ਸੀਡ ਮਨੀ) ਪ੍ਰਦਾਨ ਕਰੇਗਾ। ਇਸ ਪ੍ਰੋਗਰਾਮ ਤਹਿਤ ਬਿਜ਼ਨਸ ਆਇਡੀਆ ਲਾਗੂ ਕਰਨ ਲਈ ਇਸ ਰਾਸ਼ੀ ਦੀ ਵਰਤੋਂ ਕਰਨ ਦਾ ਪ੍ਰੀਖਣ ਕੀਤਾ ਗਿਆ ਹੈ, ਇਸ ਤਹਿਤ ਲਾਭ ਜਾਂ ਨੁਕਸਾਨ ਦੀ ਸੂਰਤ ਵਿੱਚ ਇਹ ਰਾਸ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਤੋਂ ਵਸੂਲ ਨਹੀਂ ਕੀਤੀ ਜਾਵੇਗੀ। ਅਧਿਆਪਕ/ਸਕੂਲ ਮੁਖੀ ਇਸ ਰਾਸ਼ੀ ਦੀ ਵਰਤੋਂ ਅਤੇ ਵਿਦਿਆਰਥੀਆਂ ਦੁਆਰਾ ਰੱਖੇ ਗਏ ਲਾਭ ਜਾਂ ਨੁਕਸਾਨ ਸਬੰਧੀ ਰਿਕਾਰਡ ਦੀ ਨਿਗਰਾਨੀ ਰੱਖਣਗੇ।