ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ
16ਜੂਨ ਨੂੰ ਪੇਸ਼ ਹੋਣ ਲਈ ਦਿੱਤੇ ਆਦੇਸ਼
ਚੰਡੀਗੜ੍ਹ, 13ਜੂਨ(ਵਿਸ਼ਵ ਵਾਰਤਾ)- ਬੇਅਦਬੀ ਦੀ ਘਟਨਾ ਤੋਂ ਬਾਅਦ 2015 ਵਿੱਚ ਕੋਟਕਪੁਰਾ ਵਿਖ਼ੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਸੰਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ’ਤੇ ਏ.ਡੀ.ਜੀ.ਪੀ. ਸ੍ਰੀ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਪੁੱਛਗਿੱਛ ਲਈ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਲਈ ਸੰਮਨ ਭੇਜੇ ਗਏ ਹਨ। ਉਹਨਾਂ ਨੂੰ 16 ਜੂਨ ਸਵੇਰੇ 10.30 ਵਜੇ ਐਸ.ਆਈ.ਟੀ.ਦੇ ਸਾਹਮਣੇ ਮੋਹਾਲੀ ਦੇ ਫ਼ੇਜ਼ 8 ਵਿੱਚ ਸਥਿਤ ਪੀ.ਐਸ.ਪੀ.ਸੀ.ਐਲ. ਰੈਸਟ ਹਾਊਸ ਵਿੱਚ ਤਲਬ ਕੀਤਾ ਗਿਆ ਹੈ।
ਦੱਸ ਦੱਇਏ ਕਿ ਇਸ ਤੋਂ ਪਹਿਲਾਂ ਵੀ ਸੇਵਾਮੁਕਤ ਹੋ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਪਿਛਲੇ ਸਾਲ 16 ਨਵੰਬਰ ਨੂੰ ਪ੍ਰਕਾਸ਼ ਸਿੰਘ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।
























