ਕੋਟਕਪੂਰਾ ਗੋਲੀਕਾਂਡ ਮਾਮਲਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਐਸਆਈਟੀ ਨੇ ਕੀਤੀ ਪੁੱਛਗਿੱਛ
ਚੰਡੀਗੜ੍ਹ 12 ਅਕਤੂਬਰ (ਵਿਸ਼ਵ ਵਾਰਤਾ)- ਅਕਤੂਬਰ 2015 ਦੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕੀਤੀ ਹੈ। ਐਸਆਈਟੀ ਸਵੇਰੇ 11 ਵਜੇ ਉਹਨਾਂ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ ਜਿਸ ਤੋਂ ਬਾਅਦ ਤਕਰੀਬਨ ਤਿੰਨ ਘੰਟਿਆਂ ਤੱਕ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਇਸ ਦੇ ਨਾਲ ਹੀ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹਨਾਂ ਨੇ ਐਸਆਈਟੀ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ ਅਤੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਐਸਆਈਟੀ ਨੂੰ ਲੋੜ ਪਈ ਤਾਂ ਉਹ ਫਿਰ ਤੋਂ ਉਹਨਾਂ ਦੇ ਸਾਹਮਣੇ ਪੇਸ਼ ਹੋਣਗੇ। ਉਹਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੱਚ ਜਲਦੀ ਸਾਹਮਣੇ ਆਵੇ ਅਤੇ ਇਨਸਾਫ ਮਿਲੇ। ਦੱਸ ਦਈਏ ਕਿ ਅੱਜ ਤੋਂ 2 ਦਿਨ ਬਾਅਦ ਹੀ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਬਰਸੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।