ਕੋਟਕਪੂਰਾ ਗੋਲੀਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੇ ਟਰਾਇਲ ਕੋਰਟ ਵਿੱਚ ਪੇਸ਼ ਹੋਣ ਤੋਂ ਮੰਗੀ ਛੋਟ
ਹਾਈਕੋਰਟ ਵਿੱਚ ਪਾਈ ਪਟੀਸ਼ਨ,ਪੰਜਾਬ ਸਰਕਾਰ ਕੋਲੋਂ ਹਾਈਕੋਰਟ ਨੇ ਮੰਗਿਆ ਜਵਾਬ
ਚੰਡੀਗੜ੍ਹ,23 ਅਪ੍ਰੈਲ(ਵਿਸ਼ਵ ਵਾਰਤਾ)-ਕੋਟਕਪੂਰਾ ਗੋਲੀ ਕਾਂਡ ‘ਚ ਮੁਅੱਤਲ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਉਮਰਾਨੰਗਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ 26 ਅਪ੍ਰੈਲ ਨੂੰ ਟਰਾਇਲ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਵਿੱਚ ਸ਼ਾਮਿਲ ਹੋਣ ਤੋਂ ਛੋਟ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਉਮਰਾਨੰਗਲ ਨੇ ਉਹਨਾਂ ਵੱਲੋਂ ਪਾਈ ਗਈ ਪਟੀਸ਼ਨ ਵਿੱਚ ਇਹ ਅਰਜ਼ੀ ਹਾਈਕੋਰਟ ਨੂੰ ਦਿੱਤੀ ਹੈ।
ਹੋਰ ਜਾਣਕਾਰੀ ਅਨੁਸਾਰ ਜਸਟਿਸ ਰਾਜਮੋਹਨ ਸਿੰਘ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 25 ਅਪ੍ਰੈਲ ਲਈ ਨੋਟਿਸ ਜਾਰੀ ਕਰ ਕੇ ਇਸ ਮਾਮਲੇ ਵਿੱਚ ਜਵਾਬ ਮੰਗ ਲਿਆ ਹੈ। ਉਮਰਾਨੰਗਲ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਹਵਾਲੇ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰਾ ਹੈ। ਅਜਿਹੇ ’ਚ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ ‘ਤੇ ਉਨ੍ਹਾਂ ਨੂੰ ਟਰਾਇਲ ਕੋਰਟ ’ਚ ਪੇਸ਼ੀ ਤੋਂ ਛੋਟ ਦਿੱਤੀ ਜਾਵੇ।