ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਆਵੇਗਾ ਫੈਸਲਾ
ਚੰਡੀਗੜ੍ਹ, 15 ਮਾਰਚ (ਵਿਸ਼ਵ ਵਾਰਤਾ) : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਪਟੀਸ਼ਨ ‘ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਅੱਜ ਆਪਣਾ ਫੈਸਲਾ ਸੁਣਾਏਗੀ।
ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਕੱਲ੍ਹ ਅਦਾਲਤ ਵਿੱਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ SIT ਨੇ 24 ਫਰਵਰੀ ਨੂੰ ਫਰੀਦਕੋਟ ਦੀ ਇੱਕ ਅਦਾਲਤ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਕਈ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ। 14 ਅਕਤੂਬਰ 2015 ਨੂੰ ਕੋਟਕਪੂਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਗੋਲੀ ਚਲਾਉਣ ਦੀ ਘਟਨਾ ਵਾਪਰੀ ਸੀ। ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹਰ ਚੋਣ ਵਿੱਚ ਇੱਕ ਭਾਵਨਾਤਮਕ ਮੁੱਦਾ ਰਿਹਾ ਹੈ। ਜਿਸ ‘ਚ ਪੁਲਿਸ ‘ਤੇ ਵਧੀਕੀਆਂ ਦੇ ਦੋਸ਼ ਲਾਏ ਗਏ ਹਨ। ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।