ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਆਵੇਗਾ ਫੈਸਲਾ
ਚੰਡੀਗੜ੍ਹ, 16ਮਾਰਚ(ਵਿਸ਼ਵ ਵਾਰਤਾ)-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਣੀ ਹੈ। ਦੋਵਾਂ ਦੀ ਪਟੀਸ਼ਨ ’ਤੇ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਦਾਲਤ ਵੱਲੋਂ 14 ਮਾਰਚ ਅਤੇ ਫਿਰ 15 ਮਾਰਚ ਨੂੰ ਸੁਣਵਾਈ ਹੋਣੀ ਸੀ ਪਰ ਅਜਿਹਾ ਨਾ ਹੋਣ ਕਾਰਨ ਸੁਣਵਾਈ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਕੋਟਕਪੂਰਾ ਗੋਲੀ ਕਾਂਡ ਵਿੱਚ, SIT ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਕਈ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ। 14 ਅਕਤੂਬਰ 2015 ਨੂੰ ਕੋਟਕਪੂਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਗੋਲੀ ਚਲਾਉਣ ਦੀ ਘਟਨਾ ਵਾਪਰੀ ਸੀ। ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹਰ ਚੋਣ ਵਿੱਚ ਇੱਕ ਭਾਵਨਾਤਮਕ ਮੁੱਦਾ ਰਿਹਾ ਹੈ। ਜਿਸ ‘ਚ ਪੁਲਿਸ ‘ਤੇ ਵਧੀਕੀਆਂ ਦੇ ਦੋਸ਼ ਲਾਏ ਗਏ ਹਨ। ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।