ਸਫਾਈ ਕਰਮਚਾਰੀਆਂ ਦਾ ਵੱਖ ਵੱਖ ਥਾਈਂ ਸਨਮਾਨ
ਫ਼ਤਹਿਗੜ੍ਹ ਸਾਹਿਬ, 05 ਅਪ੍ਰੈਲ( ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਜਿ਼ਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿ਼ਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵੱਲੋਂ ਸ਼ਹਿਰਾਂ ਦੀ ਸਾਫ ਸਫਾਈ ਕਰਨ ਦੇ ਨਾਲ ਨਾਲ ਸ਼ਹਿਰਾਂ ਨੂੰ ਸੈਨੇਟਾਈਜ਼ ਕੀਤੇ ਜਾਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਵਿਸੇ਼ਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਸਬੰਧੀ ਲੋਕਾਂ ਵੱਲੋਂ ਸਫਾਈ ਕਰਮਚਾਰੀਆਂ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਸਫਾਈ ਕਰਮਚਾਰੀਆਂ ਦਾ ਜਿ਼ਲ੍ਹਾ ਪ੍ਰਸ਼ਾਸਨ ਤੇ ਵੱਖ ਵੱਖ ਸੰਸਥਾਵਾਂ ਵੱਲੋਂ ਸਨਮਾਨ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਸਫਾਈ ਤੇ ਸੈਨੇਟਾਈਜ਼ੇਸ਼ਨ ਮੁਹਿੰਮ ਵਿੱਚ ਸਫਾਈ ਕਰਮਚਾਰੀਆਂ ਦਾ ਯੋਗਦਾਨ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਸਾਫ ਸਫਾਈ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਕੂੜੇ ਦੀ ਡੋਰ ਟੂ ਡੋਰ ਕੁਲੈਕਸ਼ਨ ਵੀ ਲਗਾਤਾਰ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਸਫਾਈ ਕਰਮਚਾਰੀ ਜਿਸ ਲਗਨ ਤੇ ਨਿਸ਼ਠਾ ਨਾਲ ਡਿਊਟੀ ਨਿਭਾਅ ਰਹੇ ਹਨ, ਉਸ ਤੋਂ ਪ੍ਰੇਰਨਾ ਲੈ ਕੇ ਹਰ ਵਿਅਕਤੀ ਨੂੰ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾ ਕੇ ਇਸ ਬਿਮਾਰੀ ਖਿਲਾਫ ਜੰਗ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।