ਸਥਿਤੀ ਕਾਬੂ ਹੇਠ ਪਰ ਅਜੇ ਵੀ ਪੂਰੀ ਸਾਵਧਾਨੀ ਵਰਤਣ ਦੀ ਲੋੜ
ਡਾਕਟਰਾਂ ਤੇ ਸਿਹਤ ਅਮਲੇ ਨੂੰ ਦਿੱਤੀ ਜਾ ਰਹੀ ਆਨ-ਲਾਈਨ ਸਿਖਲਾਈ
ਬਟਾਲਾ, 6 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸਿਹਤ ਵਿਭਾਗ ਦੇ ਡਾਕਟਰਾਂ ਸਮੇਤ ਸਮੂਹ ਸਿਹਤ ਅਮਲੇ ਨੂੰ ਸ਼ਾਬਾਸ਼ ਦਿੱਤੀ ਹੈ ਜੋ ਕੋਰੋਨਾ ਵਰਗੀ ਭਿਆਨਕ ਬਿਮਾਰੀ ਖਿਲਾਫ ਪੂਰੀ ਬਹਾਦਰੀ ਤੇ ਦ੍ਰਿੜਤਾ ਨਾਲ ਲੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਪੂਰੇ ਪੇਸ਼ੇਵਰ ਢੰਗ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਕੋਸ਼ਿਸ਼ ਸਦਕਾ ਸੂਬਾ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ, ਪਰ ਫਿਰ ਵੀ ਹਰ ਪੰਜਾਬ ਵਾਸੀ ਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਅਸੀਂ ਜਲਦ ਹੀ ਇਸ ਸਥਿਤੀ ਵਿਚੋਂ ਬਾਹਰ ਨਿਕਲ ਸਕੀਏ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਕੋਰੋਨਾ ਸਬੰਧੀ ਆਨ-ਲਾਈਨ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਪਹਿਲੇ ਬੈਚ ਵਿੱਚ 443 ਅਤੇ ਬਾਅਦ ਦੁਪਿਹਰ 401 ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਨ ਲਾਈਨ ਸਿਖਲਾਈ ਲਈ ਵੀਡੀਓ ਕਾਨਫਰੰਸ, ਆਡੀਓ ਅਤੇ ਸਕਾਈਪ ਦਾ ਮਾਧਿਅਮ ਵਰਤਿਆ ਜਾ ਰਿਹਾ ਹੈ।
ਸ. ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਇਲਾਜ ਅਤੇ ਮਰੀਜ਼ ਦੀ ਦੇਖ-ਭਾਲ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਨਿਰਧਾਰਤ ਮਾਪਦੰਡਾਂ ਨੂੰ ਅਪਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਮਾਪਦੰਡਾਂ ਤਹਿਤ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਡਾਕਟਰਾਂ ਤੇ ਸਿਹਤ ਅਮਲੇ ਨੂੰ ਲੋੜੀਂਦਾ ਸਮਾਨ, ਮਾਸਕ, ਸੈਨੇਟਾਈਜ਼ਰ ਆਦਿ ਸਾਜ਼ੋ-ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿੱਚ ਸਿਹਤ ਵਿਭਾਗ ਦੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਜੋ ਫਰੰਟ ਲਾਈਨ ਉੱਪਰ ਡਟਿਆ ਹੋਇਆ ਹੈ, ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀ ਸ਼ਾਬਾਸ਼ ਦਿੱਤੀ ਹੈ।