ਕੋਵਿਡ ਤੋਂ ਬਚਾਅ ਲਈ ਕਣਕ ਦੀ ਖਰੀਦ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਵਰਤ ਰਿਹਾ ਹੈ ਪੂਰੇ ਇਹਤਿਆਤ
-ਜ਼ਿਲ੍ਹੇ ਦੀਆਂ ਮੰਡੀਆਂ ‘ਚ ਲੱਗੇ 21 ਕੈਂਪਾਂ ‘ਚ 1230 ਨੇ ਲਵਾਈ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ
-ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਸਮੇਤ ਮੰਡੀਕਰਨ ਅਮਲਾ ਲਗਵਾ ਰਿਹਾ ਹੈ ਵੈਕਸੀਨ

ਪਟਿਆਲਾ, 17 ਅਪ੍ਰੈਲ( ਵਿਸ਼ਵ ਵਾਰਤਾ )-:ਇਸ ਵਾਰ 10 ਅਪ੍ਰੈਲ ਤੋਂ ਸ਼ੁਰੂ ਹੋਏ ਕਣਕ ਦੇ ਖਰੀਦ ਸੀਜਨ ਦੌਰਾਨ ਕੋਵਿਡ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੇ ਇਹਤਿਆਤ ਵਰਤ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਮੰਡੀਆਂ ‘ਚ ਆਪਣੀ ਜਿਣਸ ਲਿਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ, ਉਥੇ ਹੀ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮੰਡੀਆਂ ‘ਚ ਕੋਵਿਡ ਤੋਂ ਬਚਾਅ ਲਈ ਵੈਕਸੀਨ ਦੇ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ। ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ ਲਗਾਏ ਗਏ 21 ਕੈਂਪਾਂ ‘ਚ 1230 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਇਨ੍ਹਾਂ ਟੀਕਾਕਰਨ ਕੈਂਪਾਂ ਦੀ ਖ਼ੁਦ ਨਿਗਰਾਨੀ ਰੱਖ ਰਹੇ ਹਨ ਜਦਕਿ ਸਿਵਲ ਸਰਜਨ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਤੇ ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ ਵੱਲੋਂ ਵੀ ਇਨ੍ਹਾਂ ਟੀਕਾਕਰਨ ਕੈਂਪਾਂ ‘ਚ ਖ਼ੁਦ ਜਾ ਕੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਤੋਂ ਇਲਾਵਾ ਮੰਡੀਕਰਨ ਅਮਲੇ ਨੂੰ ਟੀਕਾਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ 18 ਅਪ੍ਰੈਲ ਨੂੰ ਕੋਵਿਡ ਟੀਕਾਕਰਨ ਕੈਂਪ ਭਾਦਸੋਂ ਅਤੇ 19 ਅਪ੍ਰੈਲ ਨੂੰ ਪਟਿਆਲਾ ਦੀ ਮੰਡੀ ‘ਚ ਇਹ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 21 ਕੈਂਪ ਜ਼ਿਲ੍ਹੇ ਦੀਆਂ ਮੰਡੀਆਂ ‘ਚ ਲੱਗੇ ਹਨ, ਜਿੱਥੇ 1230 ਆੜਤੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਮੰਡੀਕਰਨ ਅਮਲੇ ਦੇ ਮੈਂਬਰਾਂ ਨੇ ਹੁਣ ਤੱਕ ਟੀਕਾ ਲਗਵਾਇਆ ਹੈ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਆਉਣ ਸਮੇਂ ਜਿੱਥੇ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾਂ ਕਰਨ ਉਥੇ ਹੀ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀ ਕੋਵਿਡ ਤੋਂ ਬਚਾਅ ਲਈ ਟੀਕਾ ਜਰੂਰ ਲਗਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਹੁਣ ਤੱਕ 1.50 ਲੱਖ ਤੋਂ ਵਧੇਰੇ ਲੋਕਾਂ ਨੇ ਕੋਵਿਡ ਵੈਕਸੀਨੇਸ਼ਨ ਕਰਵਾਈ ਹੈ।






















